ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸੂਬੇ ‘ਚ ਬਿਜਲੀ ਸੰਕਟ ‘ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਸਫਲ ਰਹੀਆਂ ਹਨ। ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦਿਆ ਹੈ। ਪੰਜਾਬ ਸਰਕਾਰ ਨੇ 540 ਮੈਗਾਵਾਟ ਦਾ ਗੋਇੰਦਵਾਲ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ।
ਗੋਇੰਦਵਾਲ ਥਰਮਲ ਪਲਾਂਟ ਨੂੰ ਹੈਦਰਾਬਾਦ ਦੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਨੇ 22 ਦਸੰਬਰ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪਾਵਰਕੌਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਸਰਕਾਰ ਨੇ ਕਰੀਬ 6 ਮਹੀਨੇ ਗੁਪਤ ਮੁਹਿੰਮ ਚਲਾ ਕੇ ਇਸ ਪ੍ਰਕਿਰਿਆ ਨੂੰ ਪੂਰਾ ਕੀਤਾ ਹੈ। ਇਸ ਥਰਮਲ ਨੂੰ ਖਰੀਦਣ ਦੀ ਦੌੜ ਵਿੱਚ 10 ਕੰਪਨੀਆਂ ਸ਼ਾਮਲ ਸਨ। ਇਸ ਵਿੱਚ ਪਾਵਰਕੌਮ ਨੂੰ ਸਖ਼ਤ ਮੁਕਾਬਲੇ ਵਿੱਚ ਇਹ ਸਫ਼ਲਤਾ ਮਿਲੀ ਹੈ।
ਪੰਜਾਬ ਮੰਤਰੀ ਮੰਡਲ ਨੇ 10 ਜੂਨ, 2023 ਨੂੰ ਗੋਇੰਦਵਾਲ ਥਰਮਲ ਪਲਾਂਟ ਦੀ ਖਰੀਦ ਲਈ ਹਰੀ ਝੰਡੀ ਦੇ ਦਿੱਤੀ ਸੀ। ਇਸ ਦੇ ਲਈ ਕੈਬਨਿਟ ਸਬ ਕਮੇਟੀ ਨੇ ਵਿੱਤੀ ਅਤੇ ਕਾਨੂੰਨੀ ਨਜ਼ਰੀਏ ਤੋਂ ਤੱਥਾਂ ਦੀ ਜਾਂਚ ਕੀਤੀ। ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਪਾਵਰਕੌਮ ਨੇ ਜੂਨ ਮਹੀਨੇ ਵਿੱਚ ਥਰਮਲ ਪਲਾਂਟ ਖਰੀਦਣ ਲਈ ਬੋਲੀ ਲਗਾਈ ਸੀ। ਪਾਵਰਕੌਮ ਦੇ ਬੋਰਡ ਆਫ ਡਾਇਰੈਕਟਰਜ਼ ਨੇ ਇਸ ਖਰੀਦ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ।