ਜਲੰਧਰ (ਸੁਖਵਿੰਦਰ ਸਿੰਘ) : ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਦੀ ਡਿਪਟੀ ਡਾਇਰੈਕਟਰ ਭਾਵਨਾ ਗਰਗ ਨੇ ਅੱਜ ਇੱਥੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਧਾਰ ਕਾਰਡ ਨਾਲ ਸਬੰਧਤ ਜਾਣਕਾਰੀ ਨੂੰ ਅਪਡੇਟ ਕਰਨਾ ਬਹੁਤ ਜ਼ਰੂਰੀ ਹੈ ਅਤੇ ਲੋਕ ਘਰ ਬੈਠੇ ਹੀ ਇਸ ਸਹੂਲਤ ਦਾ ਆਨਲਾਈਨ ਲਾਭ ਲੈ ਸਕਦੇ ਹਨ। . ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਸੇਵਾ ਦਾ ਲਾਭ https://myaadhaar.uidai.gov.in// ਰਾਹੀਂ ਲਿਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਨਾਲ ਜਲੰਧਰ ਜ਼ਿਲ੍ਹੇ ਵਿੱਚ ਆਧਾਰ ਸਬੰਧੀ ਜਾਣਕਾਰੀ ਨੂੰ ਅੱਪਡੇਟ ਕਰਨ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਆਧਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਆਧਾਰ ਕਾਰਡ ਧਾਰਕਾਂ ਦੀ ਮੌਜੂਦਾ ਜਾਣਕਾਰੀ ਨਾਲ ਜੋੜਨ ਲਈ ਇਹ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਲੋਕ ਪਿਛਲੇ ਕਈ ਸਾਲਾਂ ਤੋਂ ਆਪਣਾ ਆਧਾਰ ਕਾਰਡ ਅੱਪਡੇਟ ਨਹੀਂ ਕਰਵਾ ਸਕੇ ਹਨ, ਉਹ ਜਲਦੀ ਤੋਂ ਜਲਦੀ ਇਸ ਨੂੰ ਕਰਵਾ ਲੈਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਜੁੜੇ ਹੋਏ ਹਨ, ਉਹ ਘਰ ਬੈਠੇ ਇਸ ਨੂੰ ਆਨਲਾਈਨ ਅਪਡੇਟ ਕਰਵਾ ਸਕਦੇ ਹਨ। ਭਾਵਨਾ ਗਰਗ ਨੇ ਜ਼ਿਲ੍ਹੇ ਵਿੱਚ ਆਧਾਰ ਅੱਪਡੇਟ ਹੋਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਲ 2015 ਤੋਂ ਪਹਿਲਾਂ ਬਣੇ ਕਾਰਡਾਂ ਨੂੰ ਜ਼ਰੂਰੀ ਦਸਤਾਵੇਜ਼ਾਂ ਰਾਹੀਂ ਅਪਡੇਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਵਜੰਮੇ ਬੱਚਿਆਂ ਨੂੰ ਆਧਾਰ ਕਾਰਡ ਲਈ ਰਜਿਸਟਰਡ ਕਰਵਾਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਟੀਮਾਂ ਵੱਲੋਂ 172 ਕਿੱਟਾਂ ਰਾਹੀਂ ਆਧਾਰ ਅੱਪਡੇਟ ਕਰਨ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ, ਆਂਗਣਵਾੜੀਆਂ, ਬਲਾਕਾਂ, ਸੇਵਾ ਕੇਂਦਰਾਂ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਵਿਸ਼ੇਸ਼ ਕਾਊਂਟਰਾਂ ਰਾਹੀਂ ਆਧਾਰ ਅੱਪਡੇਟ ਕਰਨ ਦਾ ਕੰਮ ਵੱਡੇ ਪੱਧਰ ‘ਤੇ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਵੀ ਆਧਾਰ ਲਈ ਰਜਿਸਟਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਲਈ ਆਧਾਰ ਕਾਰਡ ਜ਼ਰੂਰੀ ਦਸਤਾਵੇਜ਼ ਹੈ, ਜਿਸ ਨੂੰ ਅੱਪਡੇਟ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ UIDAI ਦੇ ਸਟੇਟ ਡਾਇਰੈਕਟਰ ਸੰਜੀਵ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।