ਚੰਡੀਗੜ੍ਹ : ਕੇਂਦਰ ਸਰਕਾਰ ਕੋਲੋਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ, ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਵਿਚਾਲੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਣ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਲੋਕ ਸਭਾ ‘ਚ ਕਿਸਾਨਾਂ ਦੇ ਹੱਕ ‘ਚ ਆਵਾਜ਼ ਉਠਾਉਂਦਿਆਂ, ਕੇਂਦਰ ਸਰਕਾਰ ਤੋਂ ਐਮਐਸਪੀ ‘ਤੇ ਕਾਨੂੰਨ ਲਿਆਉਣ ਦੀ ਮੰਗ ਕੀਤੀ ਸੀ। ਜਾਰੀ ਇੱਕ ਬਿਆਨ ਵਿਚ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਐਮਐਸਪੀ ਬਾਰੇ ਕਾਨੂੰਨ ਬਣਾਉਣ ਦੀ ਮੰਗ ਵਾਲਾ ਮਤਾ ਪਾਸ ਕਰਨਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਭੇਜ ਕੇ ਜਲਦੀ ਤੋਂ ਜਲਦੀ ਕਾਨੂੰਨ ਲਿਆਉਣ ਦੀ ਮੰਗ ਕਰਨੀ ਚਾਹੀਦੀ ਹੈ। ਇਸ ਦੌਰਾਨ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿਚ ਹੋਰ ਅਹਿਮ ਮੁੱਦਿਆਂ ਨੂੰ ਵੀ ਪ੍ਰਸਤਾਵ ਵਿਚ ਸ਼ਾਮਲ ਕਰ ਸਕਦੀ ਹੈ।