ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕਰਦਿਆਂ ਕੇਂਦਰ ਸਰਕਾਰ ਦੇ ਜਬਰ ਦੀ ਨਿਖੇਧੀ ਕੀਤੀ ਹੈ। ਇਸ ਸਬੰਧੀ ਮੋਰਚਾ ਕਨਵੀਨਰ ਪਾਲ ਸਿੰਘ ਫ਼ਰਾਂਸ ਨੇ ਸਹਿਯੋਗੀ ਮੈਬਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਤੇ ਜਬਰ ਕੀਤਾ ਜਾ ਰਿਹਾ ਹੈ। ਜਿਸਦਾ ਮੋਰਚਾ ਸਖ਼ਤ ਵਿਰੋਧ ਕਰਦਾ ਹੈ। ਉਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਨੂੰ ਖ਼ਤਮ ਕਰਕੇ ਜ਼ਮੀਨਾਂ ਅਮੀਰ ਘਰਾਣਿਆਂ ਅਧੀਨ ਕਰਨ ਲਈ ਕਿਸਾਨਾਂ ਨਾਲ ਵਾਅਦੇ ਕਰਕੇ ਮੁਨਕਰ ਹੋ ਰਹੀ ਹੈ ਅਤੇ ਹੱਕ ਲਈ ਦਿੱਲੀ ਜਾ ਰਹੇ ਕਿਸਾਨਾਂ ਤੇ ਜਬਰ ਕਰਕੇ ਆਪਣਾ ਪੰਜਾਬ ਵਿਰੋਧੀ ਚਿਹਰਾ ਨੰਗਾ ਕਰ ਰਹੀ ਹੈ। ਇਸ ਲਈ ਮੋਰਚਾ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ‘ਚ ਹਰ ਪੱਖ ਤੋਂ ਡੱਟਕੇ ਨਾਲ ਖੜੇਗਾ। ਇਸ ਮੌਕੇ ਉਨ੍ਹਾ ਨਾਲ ਐਡਵੋਕੇਟ ਗੁਰਸ਼ਰਨ ਸਿੰਘ ਧਾਲੀਵਾਲ, ਇੰਦਰਵੀਰ ਸਿੰਘ, ਗੁਰਮੀਤ ਸਿੰਘ ਸਾਂਟੂ, ਰਵਿੰਦਰ ਸਿੰਘ ਵਜੀਦਪੁਰ, ਸੁੱਖਦੇਵ ਸਿੰਘ ਸੁੱਖਾ ਕੰਨਸਾਲਾ, ਰਵਿੰਦਰ ਸਿੰਘ ਹੁਸ਼ਿਆਰਪੁਰ, ਸਰਪੰਚ ਹਰਜੀਤ ਸਿੰਘ ਢਕੋਰਾਂ, ਜਸਵੀਰ ਸਿੰਘ ਲਾਲਾ ਸਲੇਮਪੁਰ, ਬਲਿਹਾਰ ਸਿੰਘ ਮੁੰਧੋਂ, ਦਰਸਨ ਸਿੰਘ ਖੇੜਾ ਆਦਿ ਵੀ ਮੌਜੂਦ ਸਨ।