‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲੇ ਤੋਂ 24 ਘੰਟੇ ਬਾਅਦ ਡੀਜੀਪੀ ਪੰਜਾਬ ਨੇ ਚੁੱਪ ਤੋੜੀ ਹੈ। ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿੱਚ ਸਪੱਸ਼ਟ ਕੀਤਾ ਹੈ ਕਿ ਵੀਰਵਾਰ ਨੂੰ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਪੁਲੀਸ ਕਾਰਵਾਈ ਕਰੇਗੀ ਅਤੇ ਕੇਸ ਵੀ ਦਰਜ ਕੀਤਾ ਜਾਵੇਗਾ।
ਡੀਜੀਪੀ ਨੇ ਦੱਸਿਆ ਕਿ ਘਟਨਾ ਸਮੇਂ ਐਸਐਸਪੀ ਦਿਹਾਤੀ ਸਤਿੰਦਰ ਸਿੰਘ ਖੁਦ ਅਜਨਾਲਾ ਥਾਣੇ ਵਿੱਚ ਮੌਜੂਦ ਸਨ। ਅੰਤਰਰਾਸ਼ਟਰੀ ਹਾਕੀ ਖਿਡਾਰੀ ਜੁਗਰਾਜ ਸਿੰਘ ਬਾਹਰ ਪੁਲਿਸ ਮੁਲਾਜ਼ਮਾਂ ਨਾਲ ਡਟ ਕੇ ਖੜ੍ਹਾ ਸੀ। ਹਮਲੇ ਵਿੱਚ ਉਸ ਨੂੰ 11 ਟਾਂਕੇ ਲੱਗੇ ਹਨ। ਪੁਲਿਸ ਵਿਭਾਗ ਜ਼ਖ਼ਮੀ ਪੁਲੀਸ ਮੁਲਾਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰੇਗੀ। ਵੀਡੀਓ ਫੁਟੇਜ ਤੋਂ ਚਿਹਰਿਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇਗੀ।
ਅੰਮ੍ਰਿਤਪਾਲ ਨੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ ਮੰਗੀ ਸੀ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਸ਼ਾਂਤਮਈ ਪ੍ਰਦਰਸ਼ਨ ਲਈ ਇਜਾਜ਼ਤ ਮੰਗੀ ਸੀ, ਜੋ ਅਸੀਂ ਉਨ੍ਹਾਂ ਨੂੰ ਦੇ ਦਿੱਤੀ ਹੈ। ਉਸ ਨੇ ਭਰੋਸਾ ਦਿੱਤਾ ਸੀ ਕਿ ਪੁਲੀਸ ਵੱਲੋਂ ਰੋਕੇ ਜਾਣ ’ਤੇ ਉਹ ਰੁਕ ਜਾਵੇਗਾ। ਜਿਸ ਤੋਂ ਬਾਅਦ ਗੁਰੂ ਗ੍ਰੰਥ ਪਾਲਕੀ ਸਾਹਿਬ ਦੀ ਆੜ ‘ਚ ਪੁਲਸ ‘ਤੇ ਹਮਲਾ ਕੀਤਾ ਗਿਆ, ਜਿਸ ‘ਚ 6 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਇਹ ਹਮਲਾ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਲਕੀ ਸਾਹਿਬ ਦੀ ਆੜ ਵਿੱਚ ਕੀਤਾ ਗਿਆ ਸੀ।