ਆਨੰਦਪੁਰ ਸਹਿਬ . : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਪੁੱਜੇ। ਦੋਵੇਂ ਜਣੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ।
ਗੁਰੂ ਚਰਣਾਂ ਵਿਚ ਮੱਥਾ ਟੇਕਦੇ ਹੋਏ ਉਨ੍ਹਾਂ ਨੇ ਪੰਜਾਬੀਆਂ ਦੀ ਚੜ੍ਹਦੀ ਕਲਾ ਅਤੇ ਭਾਈਚਾਰਾ ਬਣੇ ਰਹਿਣ ਦੀ ਕਾਮਨਾ ਕੀਤੀ।
ਇਸ ਤੋਂ ਬਾਅਦ ਉਨ੍ਹਾਂ ਨੇ ਹੋਲੇ ਮੁਹੱਲੇ ਦੀ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਨਾਲ ਹੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਣ ਦੀ ਗੱਲ ਕਹੀ। ਉਨ੍ਹਾਂ ਨੇ ਟਵੀਟ ਦੇ ਜ਼ਰੀਏ ਵੀ ਇਹ ਸੂਚਨਾ ਜਨਤਕ ਕੀਤੀ ਹੈ।
ਦੱਸ ਦਈਏ ਕਿ ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸੇ ਦੀ ਜਨਮ ਭੂਮੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਸੀ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦਰਅਸਲ ਸੂਬਾ ਸਰਕਾਰ ਹਰ ਸਾਲ ਸਿੱਖਾਂ ਦੇ ਸਭ ਤੋਂ ਵੱਡੇ ਤਿਉਹਾਰ ਹੋਲੇ-ਮੁਹੱਲੇ ਲਈ ਵਿਸ਼ੇਸ਼ ਪ੍ਰਬੰਧ ਕਰਦੀ ਹੈ। ਹੋਲਾ-ਮੁਹੱਲਾ 8 ਤੋਂ 10 ਮਾਰਚ ਤੱਕ ਜਾਰੀ ਰਹੇਗਾ। ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਤੇ ਹੋਰ ਸੂਬਿਆਂ ਤੋਂ ਸੰਗਤਾਂ ਆਉਂਦੀਆਂ ਹਨ। ਸਾਰੇ ਪ੍ਰਬੰਧਾਂ ਤੇ ਸਹੂਲਤਾਂ ਦੀ ਜ਼ਿੰਮੇਵਾਰੀ ਵੱਖ-ਵੱਖ ਅਧਿਕਾਰੀਆਂ ਨੂੰ ਸੌਂਪੀ ਜਾਂਦੀ ਹੈ।