ਚੰਡੀਗੜ੍ਹ- ਪੰਜਾਬ ਵਿਧਾਨ ਸਭਾ ’ਚ ਬਜਟ ਸੈਸ਼ਨ ਮੌਕੇ ਰਾਜਪਾਲ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ’ਤੇ ਹੋਈ ਬਹਿਸ ਦੀ ਸਮਾਪਤੀ ਦੌਰਾਨ ਹਾਕਮ ਧਿਰ ਨੇ ਅੱਜ ਹਮਲਾਵਰ ਰੁਖ਼ ਰੱਖਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਸ ਨੂੰ ਸਮੇਟਦਿਆਂ ਜਿੱਥੇ ਪੰਜਾਬ ਦੀ ਤ੍ਰਾਸਦੀ ਲਈ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲਿਆ, ਉੱਥੇ ਉਨ੍ਹਾਂ ਨੇ ‘ਆਪ’ ਸਰਕਾਰ ਦੇ ਇੱਕ ਵਰ੍ਹੇ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਨੂੰ ਵੀ ਉਜਾਗਰ ਕੀਤਾ। ਉਧਰ ਮੁੱਖ ਵਿਰੋਧੀ ਧਿਰ ਕਾਂਗਰਸ ਮੁੱਖ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਹੀ ਸਦਨ ’ਚੋਂ ਵਾਕਆਊਟ ਕਰ ਗਈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਧਾਇਕ ਨੇ ਬਹਿਸ ਨੂੰ ਗਹੁ ਨਾਲ ਸੁਣਿਆ। ਵਿਰੋਧੀ ਧਿਰ ਵੱਲੋਂ ਚੁੱਕੇ ਮੁੱਦਿਆਂ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ।