ਨਿਊਜ਼ੀਲੈਂਡ ਸਰਕਾਰ ਨੇ ਕਿਹਾ ਹੈ ਕਿ ਉਹ ਯੂਕਰੇਨ ਤੇ ਰੂਸੀ ਹਮਲੇ ਦੇ ਮੱਦੇਨਜ਼ਰ ਯੂਕਰੇਨ ਛੱਡ ਕੇ ਜਾਣ ਵਾਲੇ ਯੂਕਰੇਨੀ ਸ਼ਰਨਾਰਥੀਆਂ ਨੂੰ 4,000 ਵਿਸ਼ੇਸ਼ ਵੀਜ਼ੇ ਦੀ ਪੇਸ਼ਕਸ਼ ਕਰੇਗੀ । ਇਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਵੀਜ਼ੇ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਦਿੱਤੇ ਜਾਣਗੇ ਜਿਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਨਿਊਜ਼ੀਲੈਂਡ ਵਿੱਚ ਰਹਿੰਦਾ ਹੈ।
ਇਸ ਸਬੰਧੀ ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਮੰਤਰੀ ਕ੍ਰਿਸ ਫਾਫੋਈ ਨੇ ਕਿਹਾ ਕਿ ਇਹ ਉਨ੍ਹਾਂ ਦੇ ਦੇਸ਼ ਦੀ ਸਭ ਤੋਂ ਵੱਡੀ ਵਿਸ਼ੇਸ਼ ਵੀਜ਼ਾ ਸ਼੍ਰੇਣੀ ਸਕੀਮ ਹੈ। ਉਨ੍ਹਾਂ ਦੱਸਿਆ ਕਿ ਇਹ ਦੋ ਸਾਲਾਂ ਦਾ ਵੀਜ਼ਾ ਹੈ ਜੋ ਲੋਕਾਂ ਨੂੰ ਮੌਜੂਦਾ ਸੰਘਰਸ਼ ਤੋਂ ਬਚਣ ਵਿੱਚ ਮਦਦ ਕਰਦਾ ਹੈ। ਇਹ ਵੀਜ਼ਾ ਉਸ ਉਮੀਦ ‘ਤੇ ਦਿੱਤਾ ਜਾਂਦਾ ਹੈ ਕਿ ਯੁੱਧ ਖ਼ਤਮ ਹੋਣ ਤੇ ਉਹ ਘਰ ਵਾਪਸ ਪਰਤ ਸਕਦੇ ਹਨ। ਫਾਫੋਈ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ ਇੱਕ ਸਾਲ ਲਈ ਅੰਦਾਜ਼ਨ 1,600 ਯੂਕਰੇਨੀ ਨਾਗਰਿਕਾਂ ਅਤੇ ਵਸਨੀਕਾਂ ਨੂੰ ਵਿਸ਼ੇਸ਼ ਵੀਜ਼ਾ ਲਈ ਪਰਿਵਾਰਕ ਮੈਂਬਰਾਂ ਨੂੰ ਸਪਾਂਸਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਸ ਦੇ ਤਹਿਤ ਉਹ ਮੇਜ਼ਬਾਨ ਦੇਸ਼ ਵਿੱਚ ਕੰਮ ਕਰਨ ਦੇ ਯੋਗ ਹੋਣਗੇ।