ਲਖਨਊ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਦੇ ਨਤੀਜੇ ਆ ਗਏ ਹਨ। ਭਾਜਪਾ ਸੂਬੇ ‘ਚ ਸਪੱਸ਼ਟ ਬਹੁਮਤ ਨਾਲ ਸੱਤਾ ‘ਚ ਪਰਤ ਆਈ ਹੈ। ਹੁਣ ਯੋਗੀ ਆਦਿਤਿਆਨਾਥ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸਹੁੰ ਚੁੱਕ ਸਮਾਗਮ ਨੂੰ ਸ਼ਾਨਦਾਰ ਬਣਾਉਣ ਲਈ ਸਾਰੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਸਮਾਗਮ ਏਕਾਨਾ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ਵਿੱਚ 45 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੋਗਰਾਮ ਲਈ 200 ਵੀਵੀਆਈਪੀ ਮਹਿਮਾਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਸਹੁੰ ਚੁੱਕ ਸਮਾਗਮ ‘ਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਸੋਨੀਆ ਗਾਂਧੀ, ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ, ਮੁਲਾਇਮ ਸਿੰਘ ਯਾਦਵ, ਬਸਪਾ ਸੁਪਰੀਮੋ ਮਾਇਆਵਤੀ ਸਮੇਤ ਸਾਰੇ ਵਿਰੋਧੀ ਨੇਤਾਵਾਂ ਨੂੰ ਸੱਦਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਦੇ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।