ਸਿਵਲ ਅਤੇ ਪੁਲਿਸ ਅਧਿਕਾਰੀਆਂ ਤੋਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਸ਼ੀਲ ਬੂਥਾਂ ਬਾਰੇ ਲਈ ਜਾਣਕਾਰੀ
ਅਸਲ੍ਹਾ ਲਾਈਸੈਂਸਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼
ਜਲੰਧਰ, : ਆਉਣ ਵਾਲੀ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਅਤੇ ਲੋੜੀਂਦੀਆਂ ਪ੍ਰਕਿਰਿਆਵਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਸਥਾਨਕ ਜ਼ਿਲ੍ਹਾ ਪ੍ਰਸਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਸਬੰਧਿਤ ਡੀ.ਐਸ.ਪੀਜ਼ ਨੂੰ ਸੈਕਟਰ ਅਫ਼ਸਰਾਂ ਨਾਲ ਤਾਲਮੇਲ ਕਰਕੇ ਜਲਦ ਤੋਂ ਜਲਦ ਫੀਲਡ ਵੈਰੀਫਿਕੇਸ਼ਨ ਕਰਨ ਉਪਰੰਤ ਮੁਕੰਮਲ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਇਹ ਰਿਪੋਰਟ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਲਦ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾਉਣ ਤਾਂ ਜੋ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੁਰੱਖਿਆ ਆਦਿ ਦੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਾਰੇ ਵਿਧਾਨਸਭਾ ਹਲਕਿਆਂ ਵਿੱਚ ਵੋਟਾਂ ਦੀ ਖ਼ਰੀਦੋ ਫਰੋਖਤ ਵਾਲੀਆਂ ਥਾਵਾਂ (ਐਕਸਪੈਂਡੀਚਰ ਸੈਂਸਟਿਵ ਪਾਕਟ) ਦੀ ਵੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦਿਹਾਤੀ ਪੁਲਿਸ ਅਤੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਜਾਰੀ ਅਸਲ੍ਹਾ ਲਾਈਸੈਂਸਾਂ ਦੀ ਸਮੀਖਿਆ ਦੀ ਪ੍ਰਕਿਰਿਆ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਅਤਿ ਲੋੜੀਂਦੇ ਕਾਰਨਾਂ ਤੋਂ ਇਲਾਵਾ ਬਾਕੀ ਹਥਿਆਰਾਂ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ ਤੈਅ ਸਮੇਂ ਦੌਰਾਨ ਜਮ੍ਹਾ ਕਰਵਾਉਣ ਦੀ ਕਾਰਵਾਈ ਵੀ ਸਮੇਂ ਸਿਰ ਮੁਕੰਮਲ ਕੀਤੀ ਜਾਵੇ।
ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਪੋÇਲੰਗ ਪਾਰਟੀਆਂ ਰਵਾਨਾ ਕਰਨ ਵਾਲੀਆਂ ਢੁਕਵੀਆਂ ਥਾਵਾਂ ਅਤੇ ਗਿਣਤੀ ਕੇਂਦਰਾਂ ਦੀ ਸ਼ਨਾਖਤ ਕਰਕੇ ਜਾਣਕਾਰੀ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਮੁਹੱਈਆ ਕਰਵਾਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਨਿਰਧਾਰਿਤ ਪ੍ਰੋਫਾਰਮਿਆਂ ਵਿੱਚ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਸਹਾਇਕ ਰਿਟਰਨਿੰਗ ਅਧਿਕਾਰੀ ਸਟਰਾਂਗ ਰੂਮ, ਈ.ਵੀ.ਐਮਜ਼/ਵੀ.ਵੀ.ਪੈਟਜ ਮਸ਼ੀਨਾਂ ਦੇ ਢੁਕਵੇਂ ਰੱਖ-ਰਖਾਅ ਵਾਲੀਆਂ ਥਾਵਾਂ ਬਾਰੇ ਵੀ ਅਗਾਊਂ ਸੂਚਿਤ ਕਰਦਿਆਂ ਇਨ੍ਹਾਂ ਥਾਵਾਂ ’ਤੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਉਣ। ਮੀਟਿੰਗ ਦੌਰਾਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ