ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਪੰਜਾਬ ਦੇ 25 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਨੂੰ ਮੰਜੂਰੀ ਦਿੱਤੀ ਹੈ। ਇਨ੍ਹਾਂ ਵਿੱਚ 10 ਹਜਾਰ ਨੌਕਰੀਆਂ ਪੁਲਿਸ ਵਿੱਚ ਦਿੱਤੀਆਂ ਜਾਣਗੀਆਂ ਤੇ ਬਾਕੀ 15 ਹਜਾਰ ਹੋਰ ਮਹਿਕਮਿਆਂ ਵਿੱਚ ਭਰਤੀ ਕੀਤੀ ਜਾਵੇਗੀ। ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮਤੇ ਨੂੰ ਵਿਧਾਨ ਸਭਾ ਵਿੱਚ ਪਾਸ ਕਰਵਾਇਆ ਜਾਵੇਗਾ ਤੇ ਇੱਕ ਮਹੀਨੇ ਵਿੱਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੋਜਗਾਰੀ ਬਹੁਤ ਵੱਡਾ ਮਸਲਾ ਹੈ ਤੇ ਇਸ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਣਾ ਜਰੂਰੀ ਹੈ।
ਨੌਜਵਾਨਾਂ ਨੂੰ 25 ਹਜਾਰ ਨੌਕਰੀਆਂ ਦਾ ਫੈਸਲਾ- ਇਥੇ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਮਹੀਨੇ ਦੇ ਅੰਦਰ ਇਨ੍ਹਾਂ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ ਤੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਨੌਕਰੀਆਂ ਡਿਗਰੀ ਦੇ ਹਿਸਾਬ ਨਾਲ ਦਿੱਤੀਆਂ ਜਾਣਗੀਆਂ। ਨੌਕਰੀਆਂ ਵਿੱਚ ਕਿਸੇ ਕਿਸਮ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ ਤੇ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਇੱਕ-ਇੱਕ ਕਰਕੇ ਪੂਰੀਆਂ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ।