ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣਿਆ ਗਿਆ। ਉਨ੍ਹਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ ਹੈ। ਇਸ ਤੋਂ ਬਾਅਦ CM ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅੱਗੇ ਤੋਂ ਵਿਧਾਨ ਸਭਾ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਨਣ ਦਾ ਹੱਕ ਹੈ ਕਿ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਪ੍ਰਤੀਨਿਧੀ ਕਿਸ ਤਰ੍ਹਾਂ ਮੁੱਦੇ ਚੁੱਕਦੇ ਹਨ। ਇਸ ਨਾਲ ਸਰਕਾਰ ਦੀ ਕਾਰਗੁਜ਼ਾਰੀ ਦੀ ਗੱਲ ਸਿੱਧਾ ਜਨਤਾ ਤੱਕ ਪਹੁੰਚੇਗੀ। ਇਸ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਗਵਰਨਰ ਬੀਐੱਲ ਪ੍ਰੋਹਿਤ ਵਿਧਾਨ ਸਭਾ ਨੂੰ ਸੰਬੋਧਿਤ ਕਰਨਗੇ।
ਉਥੇ ਹੀ ਅੱਜ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਪਠਾਨਕੋਟ ਤੋਂ ਭਾਜਪਾ ਦੇ ਵਿਧਾਇਕ ਅਸ਼ਵਨੀ ਕੁਮਾਰ ਨੇ ਸਹੁੰ ਚੁੱਕੀ। ਦੱਸ ਦੇਈਏ ਕਿ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਸਰਾ ਯਾਨੀ ਕਿ ਆਖਰੀ ਦਿਨ ਹੈ। ਜਿਸਦੀ ਸ਼ੁਰੂਆਤ ਵਿਛੜਿਆਂ ਰੂਹਾਂ ਨੂੰ ਸ਼ਰਧਾਂਜਲੀ ਨਾਲ ਹੋਵੇਗੀ। ਇਸ ਤੋਂ ਬਾਅਦ ਗਵਰਨਰ ਦੇ ਸੰਬੋਧਨ ‘ਤੇ ਧੰਨਵਾਦ ਤੇ ਬਹਿਸ ਹੋਵੇਗੀ। ਇਸ ਤੋਂ ਬਾਅਦ 2021-22 ਦੇ ਲਈ ਸਪਲੀਮੈਂਟਰੀ ਐਸਟੀਮੇਟਸ ਤੋਂ ਇਲਾਵਾ ਵੋਟ ਆਨ ਅਕਾਊਂਟ ਪੇਸ਼ ਕੀਤਾ ਜਾਵੇਗਾ।