ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਇੱਥੇ ਦੋਵਾਂ ਨੇ 5-5 ਲੱਖ ਦੀ ਜ਼ਮਾਨਤਨਾਮੇ ਭਰੇ। ਦੱਸ ਦਈਏ ਕਿ ਇਸ ਦੌਰਾਨ ਦੋਵਾਂ ਦੇ ਨਾਲ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵੀ ਨਜ਼ਰ ਆਏ।
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਅਦਾਲਤ ਵਿੱਚ ਮੌਜੂਦ ਰਹੇ। ਦੋਵੇਂ ਧਿਰਾਂ ਦੁਆਰਾ ਜ਼ਮਾਨਤ ਬਾਂਡ ਭਰੇ ਜਾਣਗੇ। ਬਾਦਲ ਪਿਓ-ਪੁੱਤ ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਨੂੰ ਕ੍ਰਮਵਾਰ ਸੈਸ਼ਨ ਕੋਰਟ ਫਰੀਦਕੋਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਮਨਜ਼ੂਰ ਹੋ ਗਈਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ 5 ਹੋਰ ਪੁਲੀਸ ਅਧਿਕਾਰੀਆਂ ਖ਼ਿਲਾਫ਼ 24 ਫਰਵਰੀ ਨੂੰ ਜੇਐਮਆਈਸੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।