ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਕੇਂਦਰ ਸ਼ਾਸਿਤ ਸੂਬੇ ਚੰਡੀਗੜ੍ਹ ਦੇ ਪ੍ਰਸ਼ਾਸਨ ਵਿੱਚ ਕੇਂਦਰੀ ਕਾਨੂੰਨ ਲਾਗੂ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਦੇ ਪ੍ਰਸ਼ਾਸਨ ‘ਤੇ ਕੇਂਦਰੀ ਕਾਨੂੰਨਾਂ ਨੂੰ ਲਾਗੂ ਕਰਕੇ ਪੰਜਾਬ ਦੀ ਚੁਣੀ ਹੋਈ ਸਰਕਾਰ ਦੇ ਅਧਿਕਾਰਾਂ ਦੀ ਉਲੰਘਣਾ ਨਾ ਕਰੇ।
ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਰਾਜ ਦੀ ਦੂਜੇ ਰਾਜਾਂ ਵਾਂਗ ਆਪਣੀ ਰਾਜਧਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ 1966 ਵਿੱਚ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਬਣਾਇਆ ਗਿਆ ਸੀ ਅਤੇ ਪੰਜਾਬ ਪੁਨਰਗਠਨ ਐਕਟ, 1966 ਦੀ ਵਿਵਸਥਾ ਤਹਿਤ ਪੰਜਾਬ ਰਾਜ ਯੂਟੀ ਪ੍ਰਸ਼ਾਸਨ ਨੂੰ 60 ਫੀਸਦੀ ਸਟਾਫ਼ ਮੁਹੱਈਆ ਕਰਵਾ ਰਿਹਾ ਹੈ, ਜਦੋਂਕਿ ਹਰਿਆਣਾ 40 ਫੀਸਦੀ ਸਟਾਫ਼ ਮੁਹੱਈਆ ਕਰਵਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੰਡੀਗੜ੍ਹ ਪ੍ਰਸ਼ਾਸਨ ‘ਤੇ ਕੇਂਦਰੀ ਕਾਨੂੰਨ ਲਾਗੂ ਕਰਨ ਦਾ ਇਰਾਦਾ ਰੱਖਦੀ ਹੈ। ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਜੇ ਕੇਂਦਰੀ ਕਾਨੂੰਨ ਚੰਡੀਗੜ੍ਹ ਯੂ.ਟੀ. ‘ਤੇ ਲਾਗੂ ਹੋ ਜਾਵੇਗਾ ਤਾਂ ਯੂਟੀ ਦਫਤਰਾਂ ਵਿੱਚ ਠੇਕੇ ‘ਤੇ ਕੰਮ ਕਰ ਰਹੇ ਬਹੁਤ ਸਾਰੇ ਮੁਲਾਜ਼ਮ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਅਧਿਕਾਰਾਂ ਦਾ ਘਾਣ ਨਾ ਕਰਨ।