ਚੰਡੀਗੜ੍ਹ: “ਇੱਕ ਬੱਸ-ਇੱਕ ਪਰਮਿਟ” ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਐਲਾਨ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੱਸ ਮਾਫੀਆ ਦੀ ਕਮਰ ਤੋੜਨ ਲਈ ਜਲਦੀ ਹੀ ਸਾਰੇ ਬੱਸ ਪਰਮਿਟ ਆਨਲਾਈਨ ਕਰ ਦਿੱਤੇ ਜਾਣਗੇ। ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਜਾ ਰਿਹਾ ਹੈ। ਮੰਤਰੀ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ ਜਲਦੀ ਤੋਂ ਜਲਦੀ ਪਰਮਿਟ ਆਨਲਾਈਨ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ।
ਬੱਸ ਸਟੈਂਡ ਦੇ ਬਾਹਰ ਚੱਲਦੀਆਂ ਗੈਰ-ਕਾਨੂੰਨੀ ਪ੍ਰਾਈਵੇਟ ਬੱਸਾਂ ‘ਤੇ ਸ਼ਿਕੰਜਾ ਕੱਸਣ ਦੀ ਹਦਾਇਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਾਰੇ ਡਿਪੂ ਜਨਰਲ ਮੈਨੇਜਰਾਂ ਨੂੰ ਕਿਹਾ ਕਿ ਵਿਭਾਗ ਨੇ ਉਨ੍ਹਾਂ ਨੂੰ ਬੱਸ ਸਟੈਂਡ ਦੇ 500 ਮੀਟਰ ਦੇ ਘੇਰੇ ਅੰਦਰ ਗੈਰ-ਕਾਨੂੰਨੀ ਬੱਸਾਂ ਨੂੰ ਰੋਕਣ ਲਈ ਪਹਿਲਾਂ ਹੀ ਅਧਿਕਾਰ ਦਿੱਤੇ ਹੋਏ ਹਨ। ਇਸ ਲਈ ਜਨਰਲ ਮੈਨੇਜਰ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੱਸ ਸਟੈਂਡ ਦੇ ਬਾਹਰੋਂ ਸਵਾਰੀਆਂ ਲਿਆਉਣ ਵਾਲੀਆਂ ਪ੍ਰਾਈਵੇਟ ਅਤੇ ਟਰੈਵਲ ਬੱਸਾਂ ਨੂੰ ਨੱਥ ਪਾਉਣ ਲਈ ਕਾਰਵਾਈ ਕਰਨੀ ਚਾਹੀਦੀ ਹੈ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਜਨਰਲ ਮੈਨੇਜਰਾਂ ਨੂੰ ਸਕੱਤਰ ਆਰ.ਟੀ.ਏ. ਦਾ ਸਹਿਯੋਗ ਲੈਣ ਦੀ ਹਦਾਇਤ ਵੀ ਕੀਤੀ।