ਅੰਮ੍ਰਿਤਸਰ : ਪੰਜਾਬ ਕਾਂਗਰਸ ਵੱਲੋਂ ਗੁਰੂਨਗਰੀ ਸਮੇਤ ਸੂਬੇ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤਸਰ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਸਮੇਤ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੀਰਵਾਰ ਨੂੰ ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ‘ਚ ਮਹਿੰਗਾਈ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰਨਾ ਔਖਾ ਹੋ ਗਿਆ ਹੈ। ‘ਅਮੀਰਾਂ ਦਾ ਦੀਵਾ ਬਲਣ ਦਿਓ, ਗਰੀਬਾਂ ਦੀ ਝੌਂਪੜੀ ਨੂੰ ਬਲਣ ਦਿਓ’ ਕਹਿ ਕੇ ਮੌਜੂਦਾ ਸਥਿਤੀ ‘ਤੇ ਵਿਅੰਗ ਕਸਿਆ।
ਧਰਨੇ ਦੌਰਾਨ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ। ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਵਸਤਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ’ਤੇ ਕਾਂਗਰਸੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਚੁੱਕ ਕੇ ਮੋਦੀ ਸਰਕਾਰ ’ਤੇ ਹਮਲਾ ਬੋਲਿਆ।