ਸ਼ੁੱਕਰਵਾਰ ਨੂੰ ਇੱਕ ਅਧਿਕਾਰਤ ਹੁਕਮ ‘ਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਨੇ 14 ਅਪ੍ਰੈਲ ਤੱਕ ਆਪਣੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਹਾਲਾਂਕਿ ਛੁੱਟੀ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ, ਪਰ ਅਜਿਹਾ ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕੀਤਾ ਗਿਆ ਹੈ।
ਪੀਟੀਆਈ ਨੇ ਪੁਲਿਸ ਵਲੋਂ ਇੱਕ ਸੰਚਾਰ ਦੇ ਹਵਾਲੇ ਨਾਲ ਕਿਹਾ ਕਿ ਕਿਰਪਾ ਕਰਕੇ 14 ਅਪ੍ਰੈਲ ਤੱਕ ਗਜ਼ਟਿਡ ਅਤੇ ਗੈਰ-ਗਜ਼ਟਿਡ ਅਧਿਕਾਰੀਆਂ ਨੂੰ ਕੋਈ ਛੁੱਟੀ ਮਨਜ਼ੂਰ ਨਹੀਂ ਕੀਤੀ ਜਾ ਸਕਦੀ ਹੈ। ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਪਹਿਲਾਂ ਮਨਜ਼ੂਰ ਕੀਤੇ ਗਏ ਹਰ ਕਿਸਮ ਦੀ ਛੁੱਟੀ ਨੂੰ ਤੁਰੰਤ ਰੱਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਵਿਸਾਖੀ ਦੇ ਦਿਹਾੜੇ ‘ਤੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਸੂਬੇ ਭਰ ਦੇ ਗੁਰਦੁਆਰਿਆਂ ‘ਚ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਇਸ ਦੇ ਨਾਲ ਹੀ ਵਿਸਾਖੀ ਲਈ ਸੂਬੇ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਅੰਮ੍ਰਿਤਪਾਲ ਨੂੰ ਫੜਨ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।