• ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੱਤਰ ਲਿਖ ਕੇ ਜਾਣਕਾਰੀ ਦਿੱਤੀ
ਨਿਊਯਾਰਕ/ਮੋਹਾਲੀ, (ਰਾਜ ਗੋਗਨਾ )—ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਆਖਰਕਾਰ ਗ੍ਰੀਨਫੀਲਡ ਪ੍ਰੋਜੈਕਟ ਤਹਿਤ ਐਕੁਆਇਰ ਕੀਤੀ ਜ਼ਮੀਨ ਦਾ ਚਾਰ ਗੁਣਾ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਦੇਣ ਲਈ ਰਾਜ਼ੀ ਹੋ ਗਈ ਹੈ। ਇਸ ਸਬੰਧੀ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਸੰਸਦ ਮੈਂਬਰ ਤਿਵਾੜੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ।ਇਸ ਸਬੰਧੀ ਇੱਕ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਮੁਹਾਲੀ ਵਿੱਚ ਏਅਰਪੋਰਟ ਰੋਡ ਨੂੰ ਚੌੜਾ ਕਰਨ ਲਈ ਐਕੁਆਇਰ ਕੀਤੀ ਜ਼ਮੀਨ ਦਾ ਉਚਿਤ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਪਿਛਲੇ 8 ਮਹੀਨਿਆਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸੰਸਦ ਮੈਂਬਰ ਤਿਵਾੜੀ ਨੇ ਇਸ ਸੰਦਰਭ ਵਿੱਚ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਣ ਸਮੇਤ ਇਹ ਮਾਮਲਾ ਸੰਸਦ ਵਿੱਚ ਵੀ ਉਠਾਇਆ ਸੀ। ਜਿਨ੍ਹਾਂ ਨੇ ਦੱਸਿਆ ਸੀ ਕਿ ਉਕਤ ਜ਼ਮੀਨ ਚੰਡੀਗੜ੍ਹ ਸ਼ਹਿਰ ਦੇ ਨੇੜੇ ਹੈ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ | ਜਿਸ ਤੋਂ ਬਾਅਦ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੀਆਂ ਹਦਾਇਤਾਂ ‘ਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਕਿਸਾਨਾਂ ਨੂੰ ਪਹਿਲਾਂ ਦਿੱਤੀ ਜਾ ਰਹੀ ਮੁਆਵਜ਼ੇ ਦੀ ਰਕਮ ਨਾਲੋਂ 4 ਗੁਣਾ ਵੱਧ ਰਕਮ ਦੇਣ ਦੀ ਹਾਮੀ ਭਰ ਦਿੱਤੀ ਹੈ।ਜਿਕਰਯੋਗ ਹੈ ਕਿ ਗ੍ਰੀਨਫੀਲਡ ਪ੍ਰੋਜੈਕਟ ਤਹਿਤ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੇੜੇ ਆਈ.ਟੀ ਰੋਡ (ਪੀ.ਆਰ.-7) ਤੋਂ ਕੁਰਾਲੀ ਚੰਡੀਗੜ੍ਹ ਰੋਡ ਤੱਕ ਇਸ 32 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਣਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਪਹਿਲਾਂ ਜਿੱਥੇ 24 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਸੀ, ਉਸ ਜਗ੍ਹਾ ਲਈ ਹੁਣ ਲਗਭਗ 1 ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।