ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਤੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਜਲੰਧਰ- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਲੰਧਰ ਵਿਖੇ ਹੋਈ ਸਮੀਖਿਆ ਬੈਠਕ ਦੌਰਾਨ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੁਕੰਮਲ ਹੋ ਚੁੱਕੇ ਪ੍ਰਾਜੈਕਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਾਉਣ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਸਰਕਾਰ ਵੱਲੋਂ ਜਾਰੀ ਸਮਾਂ ਹੱਦ ਦੀ ਪਾਲਣਾ ਕਰਦਿਆਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਵਿਲੇਜ ਸਕੀਮ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਵਿੱਚ ਲਗਭਗ 962 ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਇਨ੍ਹਾਂ ਸਾਰੇ ਕਾਰਜਾਂ ਨੂੰ 43.17 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਦੂਜੇ ਪੜਾਅ ਵਿੱਚ ਕੁੱਲ 3085 ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਅਤੇ 159 ਕਰੋੜ ਤੋਂ ਵੱਧ ਦੀ ਲਾਗਤ ਨਾਲ 2866 ਕਾਰਜਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਚੁੱਕਾ ਹੈ ।
ਮੀਟਿੰਗ ਦੌਰਾਨ ਸਮਾਰਟ ਵਿਲੇਜ ਮੁਹਿੰਮ ਸਕੀਮ ਤੋਂ ਇਲਾਵਾ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਜੰਗ-ਏ-ਆਜ਼ਾਦੀ ਸੋਲਰ ਪ੍ਰਾਜੈਕਟ, ਮਨਰੇਗਾ ਸਮੇਤ ਕਈ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਕਾਰਜਕਾਰੀ ਏਜੰਸੀਆਂ ਨੂੰ ਸਮੁੱਚੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਅਤੇ ਉਨ੍ਹਾਂ ਨੂੰ ਜਾਰੀ ਕੀਤੇ ਫੰਡਾਂ ਸਬੰਧੀ ਵਰਤੋਂ ਸਰਟੀਫਿਕੇਟ (ਯੂ.ਸੀ.) ਜਮ੍ਹਾ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਦਿੱਤੀ ਤਾਂ ਜੋ ਰਾਜ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਦਿੱਤਾ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਪਾਲ ਸਿੰਘ ਬਾਜਵਾ, ਸਮੂਹ ਐਸ.ਡੀ.ਐਮ. ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।