ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਜਲੰਧਰ, (Jatinder Rawat)- 21 ਜੂਨ 2022 ਨੂੰ ਕੌਮਾਂਤਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਪੁਲਸ ਲਾਈਨ ਜਲੰਧਰ ਵਿਖੇ ਕਰਵਾਇਆ ਜਾਵੇਗਾ, ਜਿਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸਮਾਗਮ ਵਾਲੇ ਸਥਾਨ ‘ਤੇ ਪੀਣ ਵਾਲੇ ਪਾਣੀ, ਮੈਡੀਕਲ ਟੀਮਾਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗਾ ਦਿਵਸ ਦੀਆਂ ਤਿਆਰੀਆਂ ਤੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਇਸ ਮੌਕੇ ਸਿੱਖਿਆ ਵਿਭਾਗ, ਖੇਡ ਵਿਭਾਗ, ਯੁਵਕ ਸੇਵਾਵਾਂ, ਸੈਨਿਕ ਵੈੱਲਫੇਅਰ ਦੇ ਅਧਿਕਾਰੀਆਂ ਨੂੰ ਵਿਦਿਆਰਥੀਆਂ, ਖਿਡਾਰੀਆਂ, ਸਪੋਰਟਸ ਕਲੱਬਾਂ ਆਦਿ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ।
ਅਮਿਤ ਸਰੀਨ ਨੇ ਕਿਹਾ ਕਿ ਸਾਨੂੰ ਤੰਦਰੁਸਤੀ ਲਈ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਯੋਗ ਦਿਵਸ ‘ਤੇ ਯੋਗ ਦੇ ਜ਼ਰੀਏ ਲੋਕਾਂ ਨੂੰ ਸਿਹਤਮੰਦ ਰਹਿਣ ਦਾ ਸੁਨੇਹਾ ਦਿੱਤਾ ਜਾਵੇਗਾ।
ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਆਯੂਰਵੇਦਿਕ ਤੇ ਯੂਨਾਨੀ ਅਫ਼ਸਰ ਡਾ. ਜੋਗਿੰਦਰਪਾਲ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।