ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸਿੱਖ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ ਜੋੜਨ ਬਾਰੇ ਕੀਤੇ ਐਲਾਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੇਵਲ ਭਾਰਤ ਸਰਕਾਰ ਦੇਸ਼ ਦੀ ਸੰਸਦ ਜਰੀਏ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਰਾਜਨੀਤਕ ਰੰਗਤ ਦੇ ਕੇ ਆਪਣੇ ਦਿੱਲੀ ਬੈਠੇ ਆਕਾਵਾਂ ਨੂੰ ਖੁਸ਼ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਦੀ ਅਜਿਹੀ ਸੋਚ ਸਿੱਖ ਸੰਸਥਾ ਉੱਤੇ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਸੂਬੇਦਾਰ ਬਣਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸੂਬੇ ਦੇ ਵਿਕਾਸ ਬਾਰੇ ਗੱਲ ਕਰਨੀ ਚਾਹੀਦੀ ਹੈ।