ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਪਾਠ ਉਪਰੰਤ ਗਿਆਨੀ ਅਮਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਅਤੇ ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਐਲਾਨ ਦਿੱਤਾ। ਇਸ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ ਸੰਭਾਲਦਿਆਂ ਗਿਆਨੀ ਰਘਬੀਰ ਸਿੰਘ ਨੂੰ ਦਸਤਾਰ ਸੌਂਪਣ ਦੀ ਰਸਮ ਸ਼ੁਰੂ ਕੀਤੀ। ਪ੍ਰਧਾਨ ਧਾਮੀ ਦੀ ਬੇਨਤੀ ਉਪਰੰਤ ਪਹਿਲੀ ਦਸਤਾਰ ਗਿਆਨੀ ਅਮਰਜੀਤ ਸਿੰਘ ਨੇ ਪੇਸ਼ ਕੀਤੀ। ਇਸ ਤੋਂ ਬਾਅਦ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਨੇ ਗਿਆਨੀ ਰਘਬੀਰ ਸਿੰਘ ਅਤੇ ਫਿਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਦਸਤਾਰ ਪੇਸ਼ ਕੀਤੀ।
ਇੱਥੇ ਵੱਡੀ ਗਿਣਤੀ ਵਿਚ ਸੰਗਤਾਂ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਮਾਗਮ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸ਼ਿਰਕਤ ਕੀਤੀ। ਹੁਣ ਤੱਕ ਸਿਰਫ਼ ਗਿਆਨੀ ਹਰਪ੍ਰੀਤ ਸਿੰਘ ਹੀ ਇਸ ਅਹੁਦੇ ਦਾ ਵਾਧੂ ਚਾਰਜ ਸੰਭਾਲ ਰਹੇ ਸਨ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੰਤ੍ਰਿਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ‘ਚ ਮਤਾ ਨੰਬਰ 609 ਮਿਤੀ 16-6-2023 ‘ਚ ਰਾਹੀਂ ਹੋਈ ਪ੍ਰਵਾਨਗੀ ਤਹਿਤ ਗਿਆਨੀ ਰਘਬੀਰ ਸਿੰਘ ਜੀ ਨੂੰ ਬਤੌਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਥਾਪਣ ਫ਼ੈਸਲਾ ਕੀਤਾ ਗਿਆ ਸੀ। 4 ਸਾਲ 244 ਦਿਨਾਂ ਬਾਅਦ ਪੱਕੇ ਜਥੇਦਾਰ ਨੇ ਅਹੁਦਾ ਸੰਭਾਲਿਆ ਹੈ।