ਬਰਗਾੜੀ ਬੇਅਦਬੀ ਮਾਮਲੇ ‘ਤੇ SIT ਦੀ 467 ਪੰਨਿਆਂ ਦੀ ਅੰਤਿਮ ਰਿਪੋਰਟ ਨੇ ਘਟਨਾਵਾਂ ਲਈ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਇੱਥੇ ਸਿੱਖ ਆਗੂਆਂ ਨੂੰ ਬੇਅਦਬੀ ਮਾਮਲਿਆਂ ਬਾਰੇ ਪੰਜਾਬ ਪੁਲਿਸ ਦੀ ਅੰਤਿਮ ਰਿਪੋਰਟ ਸੌਂਪ ਦਿੱਤੀ। ਐਸਆਈਟੀ ਦੇ ਮੁਖੀ ਇੰਸਪੈਕਟਰ ਜਨਰਲ ਐਸਪੀਐਸ ਪਰਮਾਰ ਨੇ ਕਿਹਾ ਕਿ ਰਿਪੋਰਟ ਨੂੰ ਪਹਿਲੀ ਵਾਰ ਜਨਤਕ ਕੀਤਾ ਜਾ ਰਿਹਾ ਹੈ, ਕਿਉਂਕਿ ਇਸ ਦਾ ਧਿਆਨ ਨਾਲ ਵਿਸ਼ਲੇਸ਼ਣ ਕੀਤਾ ਗਿਆ ਸੀ ਅਤੇ ਪੰਜਾਬ ਦੇ ਡੀਜੀਪੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਸੀ।
ਇਸ ਰਿਪੋਰਟ ਵਿੱਚ ਬੇਅਦਬੀ ਦੇ ਪੁਰਾਣੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਾਂਚ ਲਈ ਬਣਾਈਆਂ ਗਈਆਂ ਸਾਰੀਆਂ ਕਮੇਟੀਆਂ ਦਾ ਵੀ ਇਸ ਰਿਪੋਰਟ ਵਿੱਚ ਜ਼ਿਕਰ ਹੈ। ਇਹ ਮਾਮਲਾ ਕਰੀਬ ਸਾਢੇ 5 ਸਾਲ ਪੁਰਾਣਾ ਹੈ। 1 ਜੂਨ 2015 ਦੀ ਦੁਪਹਿਰ ਨੂੰ ਬਰਗਾੜੀ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। 25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਦੋ ਹੱਥ ਲਿਖਤ ਪੋਸਟਰ ਵੀ ਮਿਲੇ ਸਨ। ਇਹ ਪੰਜਾਬੀ ਭਾਸ਼ਾ ਵਿੱਚ ਲਿਖੇ ਗਏ ਸਨ। ਦੋਸ਼ ਹੈ ਕਿ ਪੋਸਟਰ ਵਿੱਚ ਅਪਸ਼ਬਦ ਬੋਲੇ ਗਏ ਸਨ ਅਤੇ ਸਿੱਖ ਜਥੇਬੰਦੀਆਂ ਨੂੰ ਇਹ ਲਿਖ ਕੇ ਖੁੱਲ੍ਹੀ ਚੁਣੌਤੀ ਦਿੱਤੀ ਗਈ ਸੀ ਕਿ ਇਨ੍ਹਾਂ ਸਰੂਪਾਂ ਦੀ ਚੋਰੀ ਵਿੱਚ ਡੇਰੇ ਦਾ ਹੱਥ ਹੈ।