ਕੋਲਕਾਤਾ- ਪੱਛਮੀ ਬੰਗਾਲ ਪੁਲਿਸ ਨੇ ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਐਮਹਰਸਟ ਅਤੇ ਨਰਕੇਲਡਾੰਗਾ ਪੁਲਿਸ ਸਟੇਸ਼ਨਾਂ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ, ਉਹ ਉਨ੍ਹਾਂ ਸਾਹਮਣੇ ਪੇਸ਼ ਨਹੀਂ ਹੋਈ ਅਤੇ ਹੋਰ ਸਮਾਂ ਮੰਗਿਆ ਹੈ। ਨੂਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ ‘ਤੇ ਟਿੱਪਣੀ ਦੇ ਮਾਮਲੇ ‘ਚ ਕੋਲਕਾਤਾ ਪੁਲਿਸ ਨੇ ਤਲਬ ਕੀਤਾ ਸੀ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਕਿਹਾ ਕਿ ਨੂਪੁਰ ਸ਼ਰਮਾ ਨੂੰ ਦੋ ਹਫ਼ਤੇ ਪਹਿਲਾਂ ਕਥਿਤ ਤੌਰ ‘ਤੇ ਨਫ਼ਰਤ ਫੈਲਾਉਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਉਨ੍ਹਾਂ ਦਾ ਬਿਆਨ ਦਰਜ ਕੀਤਾ ਗਿਆ ਸੀ।
ਕਾਬਲੇਗੌਰ ਹੈ ਕਿ ਨੁਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ ਬਾਰੇ ਕਥਿਤ ਟਿੱਪਣੀ ਲਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਗਾਈ। ਵੱਖ-ਵੱਖ ਰਾਜਾਂ ਵਿੱਚ ਦਰਜ ਕੇਸਾਂ ਨੂੰ ਦਿੱਲੀ ਤਬਦੀਲ ਕਰਨ ਦੀ ਅਪੀਲ ਲੈ ਕੇ ਪਹੁੰਚੀ ਨੁਪੁਰ ਸ਼ਰਮਾ ‘ਤੇ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ। ਸੁਪਰੀਮ ਕੋਰਟ ਨੇ ਕਿਹਾ ਕਿ ਉਸ ਨੂੰ ਟੀਵੀ ‘ਤੇ ਆ ਕੇ ਇਸ ਮਾਮਲੇ ‘ਚ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।