ਲੁਧਿਆਣਾ :- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਲੁਧਿਆਣਾ ਜ਼ੋਨ ਵਲੋਂ ਜਥੇਬੰਦੀ ਦੇ 50ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਰੰਗ ਭਰੋ ਮੁਕਾਬਲੇ ਦੇ ਜੇਤੂਆਂ ਲਈ ਇਨਾਮ ਵੰਡ ਸਮਾਗਮ ਅੱਜ ਇਥੇ ਕੇਂਦਰੀ ਦਫ਼ਤਰ ਦੇ ਭਾਈ ਕਾਨ੍ਹ ਸਿੰਘ ਨਾਭਾ ਆਡੀਟੋਰੀਅਮ ਵਿਚ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪਾਲ ਸਿੰਘ, ਜ਼ੋਨਲ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਜ਼ਿਲ੍ਹੇ ਦੇ ਕਰਵਾਏ ਗਏ ਇਸ ਮੁਕਾਬਲੇ ਵਿਚ 30 ਸਕੂਲਾਂ ਦੇ ਤਕਰੀਬਨ 3500 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਅੱਜ ਕਰਵਾਏ ਗਏ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਗੁਰਮੀਤ ਸਿੰਘ ਆਨਰੇਰੀ ਸਕੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ। ਇਸ ਮੌਕੇ ਜਤਿੰਦਰਪਾਲ ਸਿੰਘ ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮੁੱਖ ਮਹਿਮਾਨ ਅਤੇ ਇੰਦਰਪਾਲ ਸਿੰਘ ਡਾਇਰੈਕਟਰ ਨਨਕਾਣਾ ਸਾਹਿਬ ਐਜੂਕਸ਼ਨਲ ਟਰੱਸਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ, ਪ੍ਰਿੰਸੀਪਲ, ਅਧਿਆਪਕ ਸਾਹਿਬਾਨ, ਮਾਪਿਆਂ ਅਤੇ ਬੱਚਿਆਂ ਨੂੰ ਵਧਾਈ ਦਿੰਦਿਆਂ ਅਜਿਹੇ ਉੱਦਮ ਲਗਾਤਾਰ ਜਾਰੀ ਰੱਖਣ ਲਈ ਪ੍ਰੇਰਿਆ। ਉਨ੍ਹਾਂ ਸਮੂੰਹ ਵਿਦਿਅਕ ਸੰਸਥਾਵਾਂ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 50ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਨੈਤਿਕ ਸਿੱਖਿਆ ਇਮਤਿਹਾਨ ਅਤੇ ਹੋਰਨਾਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਅਪੀਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀਤ ਸਿੰਘ ਖਾਲਸਾ, ਹਰਦੀਪ ਸਿੰਘ, ਜਸਪਾਲ ਸਿੰਘ ਪਿੰਕੀ, ਡਾ. ਬਲਵਿੰਦਰਪਾਲ ਸਿੰਘ, ਸੁਰਜੀਤ ਸਿੰਘ ਲੋਹੀਆ, ਰਵਿੰਦਰ ਸਿੰਘ, ਇੰਦਰਮੀਤ ਸਿੰਘ, ਡਾ. ਮਹਿੰਦਰ ਸਿੰਘ ਅਤੇ ਸਰਮੀਤ ਸਿੰਘ ਆਦਿ ਸ਼ਾਮਲ ਸਨ। ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਏਵਨ ਸਾਈਕਲਾਂ, ਖੇਡਾਂ ਦਾ ਸਮਾਨ, ਪੁਸਤਕਾਂ, ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।