ਖੇਤੀ ਮੁੱਦਿਆਂ ਬਾਰੇ ਕੇਂਦਰ ਸਰਕਾਰ ਦੀ ਕਮੇਟੀ ਵਿੱਚ ਪੰਜਾਬ ਦੀਆਂ ਜਥੇਬੰਦੀਆਂ ਅਤੇ ਸੂਬਾ ਸਰਕਾਰ ਦੇ ਨੁਮਾਇੰਦਿਆਂ ਨੂੰ ਪਹਿਲ ਨਾ ਦੇਣ ਕਾਰਨ ਕਿਸਾਨ ਜਥੇਬੰਦੀਆਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਬਣਾਈ ਗਈ ਇਸ ਕਮੇਟੀ ਦਾ ਆਮ ਆਦਮੀ ਪਾਰਟੀ ਨੇ ਵੀ ਵਿਰੋਧ ਕੀਤਾ ਹੈ। ਇਹ ਕਮੇਟੀ ਖੇਤੀਬਾੜੀ ਕਾਨੂੰਨਾਂ ਅਤੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਸੁਧਾਰਨ ਲਈ ਬਣਾਈ ਗਈ ਹੈ। ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਨੂੰ ਸਦਨ ਵਿੱਚ ਉਠਾਉਣਗੇ। ਉਨ੍ਹਾਂ ਨੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਰਾਜ ਸਭਾ ‘ਚ ਇਸ ਮੁੱਦੇ ‘ਤੇ ਚਰਚਾ ਕਰਨ ਲਈ ਕਾਰੋਬਾਰੀ ਨੋਟਿਸ ਦਿੱਤਾ ਹੈ। ਕਮੇਟੀ ਦਾ ਗਠਨ ਪਿਛਲੇ ਹਫ਼ਤੇ ਕੀਤਾ ਗਿਆ ਸੀ ਪਰ ਇਸ ਦਾ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।