ਜਲੰਧਰ : ਸੰਸਦ ਦੇ ਬਾਹਰ ਧਰਨੇ ’ਤੇ ਬੈਠੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕਾਂ ਨੂੰ ਲੋਕਤੰਤਰੀ ਢਾਂਚੇ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਸ੍ਰੀ ਰਿੰਕੂ ਨੇ ਕਿਹਾ ਕਿ ਅੱਜ ਦੇ ਦਿਨ ਦੇਸ਼ ਦੀ ਆਜ਼ਾਦੀ ਦੇ ਮਹਾਨ ਆਗੂ ਮਹਾਤਮਾ ਗਾਂਧੀ ਜੀ ਵਲੋਂ 81 ਸਾਲ ਪਹਿਲਾਂ ਭਾਰਤ ਛੱਡੋ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਅੰਗਰੇਜ਼ਾਂ ਨੂੰ ਭਾਰਤ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਹਾਤਮਾ ਗਾਂਧੀ ਅਤੇ ਡਾ.ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ’ਤੇ ਚੱਲਦਿਆਂ ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਅਤੇ ਮਜ਼ਬੂਤ ਕਰਨ ਲਈ ਲਾਮਬੰਦ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਬਹਿਤਰੀ ਲਈ ਹਰ ਤਰ੍ਹਾਂ ਦੀਆਂ ਪਾਲਿਸੀਆਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੇ ਸਾਰੇ ਵਪਾਰਿਕ ਢਾਂਚੇ ਉਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ ਤਾਂ ਜੋ ਦੇਸ਼ ਦਾ ਛੋਟਾ ਵਪਾਰੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਵਿਚ ਲੋਕਾਂ ਨੂੰ ਰੋਜ਼ਗਾਰ ਮਿਲਣਾ ਬਹੁਤ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰੀ ਪ੍ਰਕਿਰਿਆ ਨੂੰ ਬਰਕਰਾਰ ਰੱਖਣ ਲਈ ਕੇਂਦਰ ਸਰਕਾਰ ਨੂੰ ਚੱਲਦਾ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਹੁਤ ਅਹਿਮ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿਚ ਸੰਘੀ ਢਾਂਚੇ ਅਤੇ ਲੋਕਤੰਤਰ ਨੂੰ ਬਚਾਉਣ ਲਈ ਚੋਣਾਂ ਦੌਰਾਨ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ।