ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਗਰੂਕ ਕਰਦੀਆਂ ਹਨ, ਉਹ ਹਮੇਸ਼ਾ ਚੜ੍ਹਦੀਕਲਾ ਵਿੱਚ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 95 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਦੇਸ਼ ਦੀ ਆਜ਼ਾਦੀ ਸਮੇਂ 121 ਦੇਸ਼ ਭਗਤਾਂ ਨੂੰ ਫਾਂਸੀ ਦਿੱਤੀ ਗਈ ਜਿਨ੍ਹਾਂ ਵਿੱਚੋਂ 93 ਸਿੱਖ ਸਨ ਅਤੇ 2646 ਦੇਸ਼ ਵਾਸੀਆਂ ਨੂੰ ਕਾਲੇ ਪਾਣੀ ਤੇ ਉਮਰ ਕੈਦ ਦੀ ਸਜ਼ਾ ਭੁਗਤਣੀ ਪਈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀਆਂ ਸਰਕਾਰਾਂ ਨੇ ਪੰਜਾਬ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪੰਜਾਬੀ ਬੋਲਦੇ ਇਲਾਕੇ ਤੇ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਹਾਲੇ ਤੱਕ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ।