ਨਵੀਂ ਦਿੱਲੀ : ਲੀਬੀਆ ਦੀ ਤ੍ਰਿਪੋਲੀ ਜੇਲ੍ਹ ਤੋਂ ਰਿਹਾਅ ਹੋਏ 17 ਭਾਰਤੀ ਐਤਵਾਰ ਦੇਰ ਰਾਤ ਦੇਸ਼ ਪਰਤ ਆਏ ਹਨ। ਟਰੈਵਲ ਏਜੰਟ ਉਨ੍ਹਾਂ ਨੂੰ ਇਟਲੀ ਵਿੱਚ ਨੌਕਰੀ ਦਾ ਝਾਂਸਾ ਦੇ ਕੇ ਲੀਬੀਆ ਲੈ ਗਏ ਸਨ। ਜੇਲ੍ਹ ਤੋਂ ਰਿਹਾਅ ਹੋਏ ਜ਼ਿਆਦਾਤਰ ਲੋਕ ਪੰਜਾਬ ਅਤੇ ਹਰਿਆਣਾ ਦੇ ਹਨ। ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਦੱਸਿਆ ਹੈ ਕਿ ਟਰੈਵਲ ਏਜੰਟਾਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਯੂਰਪ ’ਚ ਚੰਗੀਆਂ ਨੌਕਰੀਆਂ ਦੇਣ ਦੇ ਬਹਾਨੇ ਫਸਾਇਆ ਹੈ।
ਸਾਰਿਆਂ ਤੋਂ 13 ਲੱਖ ਰੁਪਏ ਲੈ ਲਏ ਗਏ ਸੀ। ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਗਏ ਵੀਡੀਓ ਵਿੱਚ ਲੀਬੀਆ ਤੋਂ ਬਚਾਏ ਗਏ ਲੋਕ ਆਪਣੇ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਰੋਂਦੇ ਹੋਏ ਦਿਖਾਈ ਦੇ ਰਹੇ ਹਨ। ਲੀਬੀਆ ਵਿਚ ਵੀ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਨੂੰ ਮਾੜੇ ਹਾਲਾਤਾਂ ਵਿੱਚ ਰੱਖਿਆ ਗਿਆ ਸੀ।
ਸਰਕਾਰੀ ਸੂਤਰਾਂ ਅਨੁਸਾਰ 26 ਮਈ ਨੂੰ ਟਿਊਨੀਸ਼ੀਆ ਸਥਿਤ ਭਾਰਤੀ ਦੂਤਾਵਾਸ ਨੂੰ ਲੀਬੀਆ ਵਿੱਚ ਭਾਰਤੀਆਂ ਨੂੰ ਬੰਧਕ ਬਣਾਏ ਜਾਣ ਦੀ ਸੂਚਨਾ ਮਿਲੀ ਸੀ। ਇਨ੍ਹਾਂ ਲੋਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਲੀਬੀਆ ਦੇ ਜਵਾਰਾ ਸ਼ਹਿਰ ’ਚ ਬੰਧਕ ਬਣਾ ਲਿਆ ਗਿਆ ਹੈ। ਇਸ ਤੋਂ ਬਾਅਦ ਭਾਰਤੀ ਦੂਤਘਰ ਨੇ ਲੀਬੀਆ ਪ੍ਰਸ਼ਾਸਨ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਲਗਾਤਾਰ ਇੱਕ ਮਹੀਨੇ ਤੱਕ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਮਨਾ ਲਿਆ।