ਸੂਬਾ ਸਰਕਾਰ 30 ਨਵੰਬਰ ਤੋਂ ਪਹਿਲਾਂ ਨਗਰ ਨਿਗਮ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਵੀ ਲਈ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਕਮਿਸ਼ਨਰਾਂ ਨਾਲ ਮੀਟਿੰਗਾਂ ਕਰਕੇ ਫੀਡਬੈਕ ਲਈ ਹੈ।
30 ਨਵੰਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਸਬੰਧੀ ਮੀਟਿੰਗ ਵਿਚ ਅਧਿਕਾਰੀਆਂ ਨੇ ਕੋਈ ਹਾਂ-ਪੱਖੀ ਜਵਾਬ ਨਹੀਂ ਦਿੱਤਾ ਪਰ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਹੈ ਕਿ ਜਿਨ੍ਹਾਂ ਸ਼ਹਿਰਾਂ ਵਿਚ ਨਿਗਮ ਚੋਣਾਂ ਹੋਣੀਆਂ ਹਨ, ਉਥੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਸਾਰੇ ਕੰਮ 31 ਅਕਤੂਬਰ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ। ਜਾਣਕਾਰੀ ਮੁਤਾਬਕ ਨਵੰਬਰ ਸ਼ੁਰੂ ਹੁੰਦੇ ਹੀ ਸਰਕਾਰ ਚੋਣਾਂ ਦਾ ਐਲਾਨ ਕਰ ਸਕਦੀ ਹੈ।