ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਸਰਕਾਰ ਇੱਕ-ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ। ਇਸ ਸਬੰਧੀ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ। ਪੰਜਾਬ ਏਜੀ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਗਰਾਮ ਪੰਚਾਇਤਾਂ ਭੰਗ ਕੀਤੇ ਜਾਣ ਦੇ ਮਾਮਲੇ ’ਤੇ ਦਾਇਰ ਜਨਹਿਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਿਟਕਾਰ ਲਾਈ ਸੀ।
ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਬਲ ਬੈਂਚ ਨੇ ਸਰਕਾਰ ਤੋਂ ਪੁੱਛਿਆ ਕਿ ਕੀ ਕੋਈ ਸਰਵੇ ਕਰਵਾਇਆ ਗਿਆ ਸੀ ਤੇ ਅਜਿਹਾ ਕੀ ਮਿਲਿਆ ਕਿ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ। ਚੁਣੇ ਹੋਏ ਨੁਮਾਇੰਦਿਆਂ ਤੋਂ ਉਨ੍ਹਾਂ ਦੀਆਂ ਸ਼ਕਤੀਆਂ ਕਿਵੇਂ ਖੋਹ ਲਈਆਂ ਗਈਆਂ?
ਚੀਫ਼ ਜਸਟਿਸ ਨੇ ਕਿਹਾ ਸੀ ਕਿ ਸਰਕਾਰ ਕੋਲ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਦੇ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ।