ਚਮਕੌਰ ਸਾਹਿਬ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹਲਕੇ ਦੀਆਂ ਪੰਚਾਇਤਾਂ ਦੇ ਮੈਂਬਰਾਂ ਸਣੇ ਅੱਜ ਨਤਮਸਤਕ ਹੋਏ। ਉਨ੍ਹਾਂ ਸ਼ੁਕਰਾਨੇ ਦੀ ਅਰਦਾਸ ਕਰਦਿਆਂ ਪੰਜਾਬ ਦੀਆਂ ਸਮੂਹ ਪੰਚਾਇਤਾਂ ਦੀ ਬਹਾਲੀ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਗੈਰਜਮਹੂਰੀ ਫੈਸਲੇ ਲੈਣ ਵਾਲੀ ‘ਆਪ’ ਦੀ ਸਰਕਾਰ ਨੂੰ ਇਹ ਇਕ ਸਬਕ ਮਿਲਿਆ ਹੈ। ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਤੰਤਰੀ ਤਰੀਕੇ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਭੰਗ ਕਰ ਕੇ ਲੋਕਤੰਤਰ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਸੀ ਪਰ ਹਾਈ ਕੋਰਟ ਵੱਲੋਂ ਪੰਜਾਬ ਦੀਆਂ ਪੰਚਾਇਤਾਂ ਦੇ ਹੱਕ ’ਚ ਵੱਡਾ ਫ਼ਤਵਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ’ਚ ਦੋ ਆਈਏਐੱਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਚਾਇਤਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਨਾਲ ਭੰਗ ਕੀਤੀਆਂ ਗਈਆਂ ਸਨ ਤੇ ਇਸ ਮਾਮਲੇ ਵਿੱਚ ਅਫਸਰਾਂ ਅਤੇ ਮੁਲਾਜ਼ਮਾਂ ਦਾ ਕੋਈ ਯੋਗਦਾਨ ਨਹੀਂ ਹੈ, ਇਸ ਲਈ ਮੁੱਖ ਮੰਤਰੀ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਾਰੀ ਤਾਕਤ ਨੂੰ ਆਪਣੇ ਹੱਥਾਂ ਵਿੱਚ ਕੇਂਦਰਤ ਕਰ ਲੈਣ ਦੀ ਲਾਲਸਾ ਕਾਰਨ ਹੀ ਮੁੱਖ ਮੰਤਰੀ ਵੱਲੋਂ ਸਮਾਂ ਰਹਿੰਦਿਆਂ ਹੀ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਸੀ।