ਨਵੀਂ ਦਿੱਲੀ : ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸ਼ਰਾਬ ਘੁਟਾਲੇ ਦੇ ਇੱਕ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ‘ਆਪ’ ਵਿਧਾਇਕ ਦੁਰਗੇਸ਼ ਪਾਠਕ ਅਤੇ ਹੋਰਾਂ ਖ਼ਿਲਾਫ਼ ਸੀਬੀਆਈ ਦੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਇਸ ਸਬੰਧੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਿਹਾ ਕਿ ਕੇਜਰੀਵਾਲ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਾਫੀ ਸਬੂਤ ਮੌਜੂਦ ਹਨ, ਜਿਸ ਤੋਂ ਬਾਅਦ ਉਨ੍ਹਾਂ ਮੁਲਜ਼ਮਾਂ ਨੂੰ 11 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵੀ 11 ਸਤੰਬਰ ਤੱਕ ਵਧਾ ਦਿੱਤੀ ਹੈ।
ਸੀਬੀਆਈ ਨੇ 30 ਜੁਲਾਈ ਨੂੰ ਆਪਣੀ ਚੌਥੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਕੇਜਰੀਵਾਲ, ਪਾਠਕ, ਅਮਿਤ ਅਰੋੜਾ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ ਅਤੇ ਪੀ. ਸਰਥ ਰੈਡੀ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਚੌਥੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਆਦ ਪੁੱਗ ਚੁੱਕੀ ਦਿੱਲੀ ਸ਼ਰਾਬ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਦੋਸ਼ੀ ਬਣਾਇਆ ਹੈ।