ਮੋਗਾ- ਕਾਂਗਰਸ ਨੇ ਅੱਜ ਮੋਗਾ ਵਿੱਚ ਨਸ਼ਿਆਂ ਖ਼ਿਲਾਫ਼ ਸੂਬਾ ਪੱਧਰੀ ਰੈਲੀ ਕੀਤੀ। ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ’ਚ ਨਸ਼ਿਆਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਰਾਜ ਵਿਚ ਹੀ ‘ਚਿੱਟੇ’ ਦੀ ਨੀਂਹ ਰੱਖੀ ਗਈ ਅਤੇ ‘ਆਪ’ ਦੀ ਸਰਕਾਰ ਬਣਨ ਮਗਰੋਂ ਸੂਬੇ ਵਿੱਚ ਨਸ਼ਾ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਵੀ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ ਤੇ ਗਲੀਆਂ ਵਿਚ ਨਸ਼ਾ ਵਿਕਣ ਦੀਆਂ ਵੀਡੀਓਜ਼ ਰੋਜ਼ਾਨਾ ਵਾਇਰਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਾਕਾਮੀ ਕਾਰਨ ਨਸ਼ਾ ਤਸਕਰ ਵਧ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰ ਨੇ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਤੁਰੰਤ ਕੋਈ ਠੋਸ ਉਪਰਾਲੇ ਨਾ ਕੀਤੇ ਗਏ ਤਾਂ ਪੰਜਾਬ ਕਾਂਗਰਸ ਸੰਘਰਸ਼ ਜਾਰੀ ਰੱਖੇਗੀ। ਇਸ ਦੌਰਾਨ ਮੰਚ ’ਤੇ ਕਾਂਗਰਸੀ ਆਗੂ ਬਿਰਾਜਮਾਨ ਸਨ ਪਰ ਰਾਜਾ ਵੜਿੰਗ ਪੰਡਾਲ ਵਿੱਚ ਆਮ ਲੋਕਾਂ ਨਾਲ ਬੈਠੇ ਹੋਏ ਸਨ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿਹਾ ਕਿ ਸੂਬੇ ਦੇ ਲੋਕ ‘ਆਪ’ ਸਰਕਾਰ ਦੇ ਹੱਥਾਂ ਵਿੱਚ ਸੁਰੱਖਿਅਤ ਨਹੀਂ ਹਨ। ਉਨ੍ਹਾਂਂ ਕਾਂਗਰਸੀ ਵਰਕਰਾਂ ਨੂੰ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਨੂੰ ਘੇਰਨ ਦਾ ਸੱਦਾ ਦਿੱਤਾ। ਉਨ੍ਹਾਂ ਕਾਂਗਰਸੀ ਵਰਕਰਾਂ, ਪੰਚਾਂ-ਸਰਪੰਚਾਂ ਨੂੰ ਨਸ਼ਿਆਂ ਦੇ ਖ਼ਾਤਮੇ ਖ਼ਿਲਾਫ਼ ਅੱਗੇ ਆਉਣ ਦੀ ਅਪੀਲ ਕੀਤੀ। ਬਾਜਵਾ ਨੇ ‘ਆਪ’ ਕੇਜਰੀਵਾਲ ’ਤੇ ਤਿੱਖਾ ਹਮਲਾ ਬੋਲਦਿਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ’ਚ ਸਰਕਾਰ ਬਣਨ ’ਤੇ ਤਿੰਨ ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਯਾਦ ਕਰਵਾਇਆ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਸਭ ਤੋਂ ਵੱਡਾ ਮੁੱਦਾ ਹੈ। ਸੂਬੇ ’ਚ ਤਿੰਨ ਲੱਖ ਤੋਂ ਵੱਧ ਨੌਜਵਾਨ ਤਾਂ ਰੁਜ਼ਗਾਰ ਨਾ ਮਿਲਣ ਕਰਕੇ ਬਾਹਰਲੇ ਮੁਲਕਾਂ ਵਿੱਚ ਚਲੇ ਗਏ ਹਨ। ਸ੍ਰੀ ਬਾਜਵਾ ਨੇ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਨੂੰ ਫਲਾਪ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸਿਰਫ਼ ਭਾਸ਼ਣਾਂ ਨਾਲ ਪੰਜਾਬ ਦੇ ਉਦਯੋਗਪਤੀਆਂ ਅਤੇ ਸਨਅਤਕਾਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਉਦਯੋਗਪਤੀਆਂ ਅਤੇ ਸਨਅਤਕਾਰਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ।