ਮੋਹਾਲੀ: ਚੰਡੀਗੜ੍ਹ ਯੂਨੀਵਰਸਿਟੀ ’ਚ ਲੜਕੀਆਂ ਦੇ ਬਾਥਰੂਮ ਦੇ ਅੰਦਰੋਂ ਵੀਡੀਓ ਬਣਾਉਂਦੇ ਹੋਏ ਇਕ ਲੜਕੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਘਟਨਾ ਦੀ ਵੀਡੀਓ ਯੂਨੀਵਰਸਿਟੀ ਦੇ ਹੀ ਇਕ ਵਿਦਿਆਰਥੀ ਨੇ ਸੋਸ਼ਲ ਸਾਈਟ ’ਤੇ ਪਾਈ ਹੈ। ਲੜਕੀ ’ਤੇ ਇਤਰਾਜ਼ਯੋਗ ਵੀਡੀਓ ਕਿਸੇ ਨੂੰ ਭੇਜਣ ਦਾ ਦੋਸ਼ ਵੀ ਹਨ। ਇਸ ਮਾਮਲੇ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ ’ਚ ਵਿਦਿਆਰਥਣਾਂ ਨੇ ਰਾਤ ਨੂੰ ਜ਼ਬਰਦਸਤ ਹੰਗਾਮਾ ਕੀਤਾ। ਪੰਜਾਬ ਸਰਕਾਰ ਨੇ ਇਸ ਪੂਰੇ ਮਾਮਲੇ ਉੱਤੇ ਨੋਟਿਸ ਲਿਆ ਹੈ। ਪੁਲਿਸ ਨੇ ਮੁਲਜ਼ਮ ਵਿਦਿਆਰਥਣ ਨੂੰ ਗਿ੍ਰਫਤਾਰ ਕਰ ਲਿਆ ਹੈ। ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹੰਗਾਮਾ ਹੋਣ ਕਾਰਨ ਮੌਕੇ ਉੱਤੇ ਪੁਲਿਸ ਨੂੰ ਬੁਲਾਇਆ ਗਿਆ। ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀ ਵੀ ਸੂਚਨਾ ਮਿਲੀ ਹੈ। ਪਰ, ਯੂਨੀਵਰਸਿਟੀ ਮੈਨੇਜਮੈਂਟ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਹੰਗਾਮੇ ਦੌਰਾਨ ਇੱਕ ਵਿਦਿਆਰਥੀ ਬੇਹੋਸ਼ ਹੋ ਗਈ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਯੂਨੀਵਰਸਿਟੀ ਦੀਆਂ 60 ਵਿਦਿਆਰਥਣਾਂ ਦੀ ਨਹਾਉਣ ਸਮੇਂ ਦੀ ਵੀਡੀਓ ਵਾਇਰਲ ਹੋਣ ਦਾ ਇਹ ਮਾਮਲਾ ਕਾਫ਼ੀ ਭੱਖ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋ ਗਈ ਸੀ, ਜਿਸ ਤੋਂ ਬਾਅਦ ਅੱਠ ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਮੈਨੇਜਮੈਂਟ ਵਿਦਿਆਰਥੀਆਂ ’ਤੇ ਮਾਮਲੇ ਨੂੰ ਦਬਾਉਣ ਲਈ ਦਬਾਅ ਪਾ ਰਹੀ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਕਾਲਜ ਮੈਨੇਜਮੈਂਟ ਨੂੰ ਸ਼ਿਕਾਇਤ ਕੀਤੀ ਸੀ ਪਰ ਕਾਲਜ ਮੈਨੇਜਮੈਂਟ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ।