ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਲਈ ਭਾਰਤ ਬਾਰੇ ਨਵੀਂ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਵਿਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 10 ਕਿੱਲੋਮਟਰ ਦੇ ਘੇਰੇ ਅੰਦਰ ਜਾਣ ਤੋਂ ਗੁਰੇਜ਼ ਕਰਨ।
ਕੈਨੇਡਾ ਸਰਕਾਰ ਵੱਲੋਂ ਜਾਰੀ ਅਡਵਾਈਜ਼ਰੀ ਵਿੱਚ “ਅਪਮਾਨਿਤ ਸੁਰੱਖਿਆ ਸਥਿਤੀ ਦੇ ਕਾਰਨ” ਜੰਮੂ ਅਤੇ ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਯਾਤਰਾ ਤੋਂ ਬਚਣ ਲਈ ਕਿਹਾ ਗਿਆ ਹੈ। ਸਰਕਾਰ ਨੇ ਪੰਜਾਬ, ਗੁਜਰਾਤ ਅਤੇ ਰਾਜਸਥਾਨ ਵਿਚ ਸੁਰੱਖਿਆ ਨਾਲ ਜੁੜੇ ਹਾਲਾਤ ਪੈਦਾ ਹੋਣ ਦਾ ਖ਼ਦਸ਼ਾ ਜਤਾਇਆ ਹੈ। ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਭਾਰਤ ਵਿਚ ਸਾਵਧਾਨੀ ਨਾਲ ਰਹਿਣ।
ਵਿਸ਼ੇਸ਼ ਤੌਰ ‘ਤੇ ਪਾਕਿਸਤਾਨ ਦੇ ਨਾਲ ਲਗਦੇ ਸਰਹੱਦੀ ਖੇਤਰ ਵਿਚ ਸਾਰੀਆਂ ਯਾਤਰਾਵਾਂ ਟਾਲਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ, ਗੁਜਰਾਤ ਅਤੇ ਰਾਜਸਥਾਨ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਦੇ ਖੇਤਰਾਂ ਵਿਚ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਐਡਵਾਈਜ਼ਰੀ ਵਿਚ ਵਾਹਗਾ ਬਾਰਡਰ ਕਰਾਸਿੰਗ ਨੂੰ ਸ਼ਾਮਲ ਨਹੀਂ ਕੀਤਾ ਗਿਆ। ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਮਨੀਪੁਰ ਦੀ ਵੀ ਯਾਤਰਾ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।