ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਵਿਸਫ਼ੋਟਕ ਇਲਜ਼ਾਮ ਲਗਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਨੇ ਕਿਹਾ ਕਿ ਉਹ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ।
ਮੰਗਲਵਾਰ ਨੂੰ ਕੈਬਿਨੇਟ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਟ੍ਰੂਡੋ ਨੇ ਕਿਹਾ, “ਅਸੀਂ ਭੜਕਾਉਣ ਜਾਂ ਤਣਾਅ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ। ਅਸੀਂ ਸਿਰਫ਼ ਤੱਥਾਂ ਨੂੰ ਉਵੇਂ ਪੇਸ਼ ਕਰ ਰਹੇ ਹਾਂ ਜਿਵੇਂ ਕਿ ਅਸੀਂ ਉਨ੍ਹਾਂ ਨੂੰ ਸਮਝਦੇ ਹਾਂ। ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਅਜਿਹਾ ਕਰ ਰਹੇ ਹਾਂ।”
ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਨੇ ਕੈਨੇਡੀਅਨ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਸੀ। ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਨੂੰ 18 ਜੂਨ ਨੂੰ ਗੁਰਦੁਆਰੇ ਦੇ ਪਾਰਕਿੰਟ ਲੌਟ ਵਿਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਟ੍ਰੂਡੋ ਨੇ ਹਾਊਸ ਔਫ਼ ਕੌਮਨਜ਼ ਵਿਚ ਦੱਸਿਆ ਸੀ ਕਿ ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਤੰਤਰ ਕੋਲ ਇਹ ਮੰਨਣ ਦੇ ਭਰੋਸੇਯੋਗ ਕਾਰਨ ਮੌਜੂਦ ਹਨ ਕਿ ਨਿੱਝਰ ਦੀ ਹੱਤਿਆ ਭਾਰਤ ਸਰਕਾਰ ਦੇ ਏਜੰਟਾਂ ਨੇ ਕੀਤੀ ਹੈ।
ਟ੍ਰੂਡੋ ਦੇ ਬਿਆਨਾਂ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਆਪਸੀ ਰਿਸ਼ਤਿਆਂ ਵਿਚ ਚਲ ਰਹੀ ਖਟਾਸ ਕੁੜੱਤਣ ਵਿਚ ਤਬਦੀਲ ਗਈ ਹੈ। ਸੋਮਵਾਰ ਨੂੰ ਕੈਨੇਡੀਅਨ ਵਿਦੇਸ਼ ਮੰਤਰੀ ਮੈਲੇਨੀ ਜੋਲੀ ਨੇ ਕੈਨੇਡਾ ਵਿਚ ਮੌਜੂਦ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ।
ਜੋਲੀ ਦੇ ਦਫ਼ਤਰ ਅਨੁਸਾਰ ਡਿਪਲੋਮੈਟ ਦਾ ਨਾਮ ਪਵਨ ਕੁਮਾਰ ਰਾਏ ਹੈ ਅਤੇ ਉਹ ਕੈਨੇਡਾ ਵਿਚ ਭਾਰਤੀ ਖ਼ੂਫ਼ੀਆ ਏਜੰਸੀ, RAW ਦਾ ਮੁਖੀ ਸੀ। ਮੰਗਲਵਾਰ ਸਵੇਰੇ ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਇੱਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਨਵੀਂ ਦਿੱਲੀ ਵਿਚ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਵੀ ਤਲਬ ਕੀਤਾ ਗਿਆ ਸੀ ਅਤੇ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਭਾਰਤ ਛੱਡਣ ਲਈ ਆਖਿਆ ਗਿਆ ਹੈ।
ਟ੍ਰੂਡੋ ਨੇ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ‘ਸ਼ਾਂਤ’ ਰਹੇਗਾ। ਓਨਾਂ ਕਿਹਾ, “ਅਸੀਂ ਆਪਣੇ ਲੋਕਤੰਤਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਾਂਗੇ, ਅਸੀਂ ਸਬੂਤਾਂ ਦੇ ਅਧਾਰ ‘ਤੇ ਚੱਲਾਂਗੇ।ਪਰ ਜਦੋਂ ਇਸ ਤਰ੍ਹਾਂ ਦੀਆਂ ਚੀਜ਼ਾਂ ਚਲ ਰਹੀਆਂ ਹੋਣ ਤਾਂ ਕੈਨੇਡੀਅਨਜ਼ ਨੂੰ ਇਸਨੂੰ ਜਾਣਨ ਦਾ ਅਧਿਕਾਰ ਹੈ ਅਤੇ ਇਸਨੂੰ ਜਾਣਨ ਦੀ ਜ਼ਰੂਰਤ ਵੀ ਹੈ। ਇਸ ਲਈ ਅਸੀਂ ਇਸਦਾ ਖ਼ੁਲਾਸਾ ਕਰਨ ਦਾ ਫ਼ੈਸਲਾ ਕੀਤਾ ਹੈ।