ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਤਲ ਕੇਸ ਵਿੱਚ ਨਲਿਨੀ ਸ੍ਰੀਹਰਨ ਅਤੇ ਆਰਪੀ ਰਵੀਚੰਦਰਨ ਸਣੇ ਛੇ ਕਾਤਲਾਂ ਦੀ ਬਾਕੀ ਰਹਿੰਦੀ 6 ਮਹੀਨੇ ਦੀ ਸਜ਼ਾ ਮਾਫ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਨਲਿਨੀ ਸ਼੍ਰੀਹਰਨ ਅਤੇ ਰਵੀਚੰਦਰਨ ਨੇ ਆਪਣੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।
ਜਸਟਿਸ ਬੀਆਰ ਗਵਈ ਅਤੇ ਜਸਟਿਸ ਬੀਵੀ ਨਾਗਰਥਨਾ ਨੇ ਕਿਹਾ ਕਿ ਦੋਸ਼ੀ ਪੇਰਾਰਿਵਲਨ ਦੀ ਰਿਹਾਈ ਦਾ ਹੁਕਮ ਇਸ ਮਾਮਲੇ ਦੇ ਹੋਰ ਦੋਸ਼ੀਆਂ ‘ਤੇ ਵੀ ਲਾਗੂ ਹੁੰਦਾ ਹੈ। ਦਰਅਸਲ 18 ਮਈ ਨੂੰ ਸੁਪਰੀਮ ਕੋਰਟ ਨੇ ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਉਹ 30 ਸਾਲ ਤੋਂ ਵੱਧ ਜੇਲ੍ਹ ਵਿੱਚ ਰਿਹਾ ਸੀ। ਅਦਾਲਤ ਨੇ ਕਿਹਾ ਕਿ ਅਜੇ ਤੱਕ ਇਸ ਮਾਮਲੇ ‘ਚ ਰਾਜਪਾਲ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਹੈ, ਇਸ ਲਈ ਅਸੀਂ ਆਪਣਾ ਹੁਕਮ ਦੇ ਰਹੇ ਹਾਂ। ਸੁਪਰੀਮ ਕੋਰਟ ਦੇ ਇਸ ਹੁਕਮ ਤੋਂ ਬਾਅਦ ਨਲਿਨੀ ਸ਼੍ਰੀਹਰਨ, ਰਵੀਚੰਦਰਨ, ਸੰਤਨ, ਮੁਰੂਗਨ, ਰਾਬਰਟ ਪੇਅਸ ਅਤੇ ਜੈਕੁਮਾਰ ਨੂੰ ਰਿਹਾਅ ਕਰ ਦਿੱਤਾ ਜਾਵੇਗਾ।