ਸਿਨਸਿਨੈਟੀ, ਓਹਾਇਓ ( ਰਾਜ ਗੋਗਨਾ।): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਗੁਰਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਅਾ, ਗੁਰਪੁਰਬ ਦੇ ਸੰਬੰਧ ਵਿੱਚ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਨਾਲ ਲਗਦੀਆਂ ਕਈ ਰਿਹਾਸ਼ੀ ਅਬਾਦੀਆਂ ਵਿੱਚੋਂ ਦੀ ਲੰਗਿਆ। ਸਰਦੀਆਂ ਦੀ ਪਹਿਲੀ ਬਰਫ਼ਬਾਰੀ ਅਤੇ ਸਰਦੀ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਵਿੱਚ ਸ਼ਾਮਲ ਹੋਈਆਂ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀ ਜੱਥੇ ਭਾਈ ਅਮਰੀਕ ਸਿੰਘ, ਭਾਈ ਜੀਤ ਸਿੰਘ ਅਤੇ ਭਾਈ ਨਿਰਮਲ ਸਿੰਘ ਜੀ ਦੇ ਜਿੱਥੇ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਇਹਨਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰਾਂ ਡੇਟਨ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਇਸ ਦੋਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।ਪ੍ਰਬੰਧਕ ਕਮੇਟੀ ਨੇ ਇਹਨਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ, ਸੰਗਤ ਅਤੇ ਨਗਰ ਕੀਰਤਨ ਦੋਰਾਨ ਆਪਣੀਆਂ ਸੇਵਾਵਾਂ ਦੇਣ ਲਈ ਵੈਸਟ ਚੈਸਟਰ ਪੁਲਿਸ ਦਾ ਧੰਨਵਾਦ ਕੀਤਾ।