ਜਲੰਧਰ : ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਅਤੇ ਉਨ੍ਹਾਂ ਨਾਲ ਸਿੱਧੇ ਤੌਰ ‘ਤੇ ਜੁੜਨ ਲਈ 28 ਨਵੰਬਰ ਤੋਂ ਜਲੰਧਰ ਦਿਹਾਤੀ ਖੇਤਰ ‘ਚ ਵਿਕਾਸ ਭਾਰਤ ਸੰਕਲਪ ਯਾਤਰਾ ਕੱਢੀ ਜਾ ਰਹੀ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਾਤਰਾ ਨੂੰ ਸਫ਼ਲ ਬਣਾਉਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਹ ਵੈਨ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਸਬੰਧੀ ਜਾਗਰੂਕਤਾ ਸਮੱਗਰੀ ਜਿਵੇਂ ਪੈਂਫਲੇਟ, ਕਿਤਾਬਚੇ ਆਦਿ ਨਾਲ ਲੈਸ ਹੋਵੇਗੀ। ਵੈਨ ਵਿੱਚ ਸਾਊਂਡ ਸਿਸਟਮ ਅਤੇ ਡਿਜੀਟਲ ਐਲਈਡੀ ਲਗਾਏ ਜਾਣਗੇ ਜਿਸ ਰਾਹੀਂ ਪ੍ਰਧਾਨ ਮੰਤਰੀ ਦਾ ਸੰਬੋਧਨ, ਲਾਭਪਾਤਰੀਆਂ ਨੂੰ ਵੀਡੀਓ ਅਤੇ ਕੁਝ ਜਾਗਰੂਕਤਾ ਲਘੂ ਫਿਲਮਾਂ ਦਿਖਾਈਆਂ ਜਾਣਗੀਆਂ।
ਵੈਨ ਨੂੰ ਵਿਸ਼ੇਸ਼ ਸਾਰੰਗਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਭਾਰਤ ਪ੍ਰਕਾਸ਼ ਜੋ ਇਸ ਰਾਸ਼ਟਰੀ ਮੁਹਿੰਮ ਦੇ ਜ਼ਿਲ੍ਹਾ ਇੰਚਾਰਜ ਹਨ, ਨੇ ਹਾਲ ਹੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਸਭ ਤੋਂ ਵੱਡੀ ਮੁਹਿੰਮ ਹੈ ਜਿਸ ਰਾਹੀਂ ਹਰੇਕ ਲਾਭਪਾਤਰੀ ਤੱਕ ਪਹੁੰਚ ਕਰਕੇ ਜਾਗਰੂਕ ਕਰਨਾ ਹੈ ਤਾਂ ਜੋ ਉਹ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।