ਚੰਡੀਗੜ੍ਹ,- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗੈਰ ਭਾਜਪਾ ਸੂਬਿਆਂ ਅਤੇ ਖ਼ਾਸ ਕਰਕੇ ਸਰਹੱਦੀ ਸੂਬੇ ਪੰਜਾਬ ਨੂੰ ਹਰ ਮੁਹਾਜ਼ ’ਤੇ ਫ਼ੇਲ੍ਹ ਕਰਨ ਦੇ ਰਾਹ ਪਈ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਨਿਹੱਥਾ ਕਰਨ ਲਈ ਕੇਂਦਰ ਇਨ੍ਹਾਂ ਤੋਂ ਆਰਥਿਕ ਤਾਕਤਾਂ ਖੋਹ ਰਿਹਾ ਹੈ। ਮੁੱਖ ਮੰਤਰੀ ਦਾ ਸਦਨ ਵਿੱਚ ਅੱਜ ਦਾ ਭਾਸ਼ਣ ਸੰਜਮੀ ਅਤੇ ਮੁੱਦਾ ਅਧਾਰਿਤ ਸੀ। ਉਨ੍ਹਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪ੍ਰਤੀ ਆਪਣਾ ਸਨੇਹ ਵੀ ਦਿਖਾਇਆ ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਨੂੰ ਸਾਰਥਿਕ ਆਲੋਚਨਾ ਦਾ ਸੱਦਾ ਦਿੱਤਾ। ਮੁੱਖ ਮੰਤਰੀ ਦੀ ਸਦਨ ਵਿੱਚ ਹਾਜ਼ਰੀ ਦੌਰਾਨ ਅੱਜ ਸਮੁੱਚਾ ਮਾਹੌਲ ਗੈਰਤਲਖ਼ੀ ਵਾਲਾ ਰਿਹਾ ਅਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਆਪਸੀ ਸੁਰ ਵੀ ਮਿਲਦੇ ਨਜ਼ਰ ਆਏ। ਸ੍ਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰੀ ਸੱਤਾ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਹਟਾ ਦੇਵੇ। ਉਨ੍ਹਾਂ ‘ਪੰਜਾਬ ਵਸਤਾਂ ਅਤੇ ਸੇਵਾਵਾਂ ਕਰ (ਸੋਧ) ਬਿੱਲ 2023’ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਪੰਜਾਬ ਨੂੰ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਆਰਡੀਐੱਫ਼ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਭਾਜਪਾ ਦੇ ਸੂਬਾਈ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਇਸ ਸਮੁੱਚੇ ਮਸਲੇ ਉੱਤੇ ਚੁੱਪ ਧਾਰੀ ਬੈਠੇ ਹਨ।