ਚੋਣ ਅਮਲੇ ਦੀ ਟ੍ਰੇਨਿੰਗ, ਬੂਥਾਂ ਦੀ ਸੰਵੇਦਨਸ਼ੀਲਤਾ, ਸੁਰੱਖਿਆ ਬਲਾਂ ਦੀ ਤਾਇਨਾਤੀ, ਲਾਇਸੰਸੀ ਹਥਿਆਰ ਜਮ੍ਹਾ ਕਰਾਉਣ, ਸ਼ਿਕਾਇਤਾਂ ਦੇ ਨਿਪਟਾਰੇ ਦਾ ਲਿਆ ਜਾਇਜ਼ਾ
ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀਆਂ ਥਾਣਾ ਵਾਰ ਸੂਚੀਆਂ ਤਿਆਰ ਕਰਨ ਲਈ ਕਿਹਾ
ਜਲੰਧਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਜਲੰਧਰ ਦੀਆਂ ਆਮ ਚੋਣਾਂ-2024 ਲਈ ਤਾਇਨਾਤ ਜਨਰਲ ਚੋਣ ਆਬਜ਼ਰਵਰ ਏ.ਪੀ.ਐਸ. ਸੰਧੂ ਆਈ.ਏ.ਐਸ. ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਨਰਲ ਚੋਣ ਆਬਜ਼ਰਵਰ ਨੇ ਚੋਣ ਅਮਲੇ ਦੀ ਟ੍ਰੇਨਿੰਗ, ਬੂਥਾਂ ਦੀ ਸੰਵੇਦਨਸ਼ੀਲਤਾ, ਸੁਰੱਖਿਆ ਬਲਾਂ ਦੀ ਤਾਇਨਾਤੀ, ਲਾਇਸੰਸੀ ਹਥਿਆਰ ਜਮ੍ਹਾ ਕਰਾਉਣ, ਸ਼ਿਕਾਇਤਾਂ ਦੇ ਨਿਪਟਾਰੇ ਆਦਿ ਦਾ ਜਾਇਜ਼ਾ ਲਿਆ।
ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ’ਤੇ ਜ਼ੋਰ ਦਿੰਦਿਆਂ ਸ਼੍ਰੀ ਸੰਧੂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਮਿਲਣ ’ਤੇ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਬੂਥਾਂ ਦੀ ਸੰਵੇਦਨਸ਼ੀਲਤਾ ਬਾਰੇ ਜਾਣਕਾਰੀ ਹਾਸਲ ਕਰਦਿਆਂ ਜਨਰਲ ਚੋਣ ਆਬਜ਼ਰਵਰ ਨੇ ਪੁਲਿਸ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀਆਂ ਥਾਣਾ ਵਾਰ ਸੂਚੀਆਂ ਤਿਆਰ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਬੂਥਾਂ ਦੀ ਵਿਸ਼ੇਸ਼ ਨਿਗਰਾਨੀ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਇਸ ਤੋਂ ਇਲਾਵਾ ਇਹ ਵੀ ਹਦਾਇਤ ਕੀਤੀ ਕਿ ਰਹਿੰਦੇ ਲਾਇਸੰਸੀ ਹਥਿਆਰ ਤੁਰੰਤ ਜਮ੍ਹਾ ਕਰਵਾਏ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਚੋਣਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ 354159 ਪੁਰਸ਼, 329188 ਮਹਿਲਾ ਅਤੇ 20 ਹੋਰਨਾਂ ਸਮੇਤ ਸ਼ਹਿਰ ਵਿੱਚ ਕੁੱਲ 683367 ਵੋਟਰ ਹਨ, ਜਿਨ੍ਹਾਂ ਦੀ ਸਹੂਲਤ ਲਈ 677 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣ ਅਮਲ ਨੂੰ ਅਮਨ-ਅਮਾਨ ਅਤੇ ਨਿਰਪੱਖਤਾ ਨਾਲ ਬਿਨਾਂ ਕਿਸੇ ਰੁਕਾਵਟ ਦੇ ਸਿਰੇ ਚਾੜ੍ਹਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਜਲੰਧਰ ਨਗਰ ਨਿਗਮ ਚੋਣਾਂ ਲਈ 380 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਇਸ ਮੌਕੇ ਡੀ.ਸੀ.ਪੀ. ਆਦਿਤਿਆ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ, ਐਸ.ਡੀ.ਐਮਜ਼ ਰਣਦੀਪ ਸਿੰਘ ਤੇ ਬਲਬੀਰ ਰਾਜ ਸਿੰਘ, ਈ.ਓ. ਪੁੱਡਾ ਅਲਕਾ ਕਾਲੀਆ, ਏ.ਸੀ.ਏ. ਜੇ.ਡੀ.ਏ. ਦਰਬਾਰਾ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।