ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਬਜਟ ਸੈਸ਼ਨ ਦੇ ਅਖ਼ੀਰਲੇ ਦਿਨ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ ਬਿਜਲੀ ਪ੍ਰਾਜੈਕਟਾਂ ’ਤੇ ਜਲ ਸੈੱਸ ਲਾਉਣ ਦੇ ਫ਼ੈਸਲੇ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਦਨ ’ਚ ਮਤਾ ਪੇਸ਼ ਕਰਨ ਮੌਕੇ ਵਿਰੋਧੀ ਧਿਰ ਕਾਂਗਰਸ ਗ਼ੈਰਹਾਜ਼ਰ ਰਹੀ। ਸਿੰਚਾਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਦਨ ਵਿੱਚ ਮਤਾ ਪੇਸ਼ ਕੀਤਾ ਜਿਸ ਨੂੰ ਬਹਿਸ ਮਗਰੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਨੇ ਇੱਕ ਸੁਰ ’ਚ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਆਰਡੀਨੈਂਸ ਜਾਰੀ ਕਰਕੇ ਲਾਏ ਜਲ ਸੈੱਸ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਅਤੇ ਇਸ ਨੂੰ ਫੌਰੀ ਵਾਪਸ ਲੈਣ ਦੀ ਅਪੀਲ ਕੀਤੀ। ਸਦਨ ਨੇ ਮਤਾ ਪਾਸ ਕਰ ਕੇ ਕੇਂਦਰ ਨੂੰ ਅਪੀਲ ਕੀਤੀ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਆਰਡੀਨੈਂਸ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਜਾਣ। ਚੇਤੇ ਰਹੇ ਕਿ ਹਿਮਾਚਲ ਸਰਕਾਰ ਨੇ 172 ਪਣ ਬਿਜਲੀ ਪ੍ਰਾਜੈਕਟਾਂ ’ਤੇ ਜਲ ਸੈੱਸ ਲਗਾ ਕੇ 4000 ਕਰੋੜ ਰੁਪਏ ਦੀ ਕਮਾਈ ਹੋਣ ਦਾ ਅਨੁਮਾਨ ਲਾਇਆ ਹੈ।
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਅੱਜ ਸਦਨ ਵਿੱਚ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਦੀ ਗੂੰਜ ਪਈ। ‘ਆਪ’ ਸਰਕਾਰ ਨੇ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ’ਤੇ ਚਰਚਾ ਕਰ ਕੇ ਜਵਾਨੀ ਨੂੰ ਇੱਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਅਤੇ ਆਪਣੀ ਪਾਰਟੀ ਦੀ ਵਿਚਾਰਧਾਰਾ ਨੂੰ ਵੀ ਅੱਗੇ ਵਧਾਉਣ ਲਈ ਸਿਆਸੀ ਹੰਭਲਾ ਮਾਰਿਆ।