- ਜ਼ਿਆਦਾਤਰ ਪਿੰਡਾਂ ਵਿੱਚ ਨਹੀਂ ਕਰਵਾਈਆਂ ਜਾ ਰਹੀਆਂ ਗਿਰਦਾਵਰੀਆਂ: ਵਿਧਾਇਕ ਚੌਧਰੀ
ਫਿਲੌਰ- ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਉਹਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਨਾਕਾਫੀ ਹੈ ਅਤੇ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਨੇ ਫਿਲੌਰ ਵਿਧਾਨ ਸਭਾ ਹਲਕੇ ਦੇ ਅੱਟੀ, ਫਲਪੋਤਾ ਤੇ ਧੁਲੇਤਾ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਫਸਲਾਂ ਅਤੇ ਮਕਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ, ਪਰ ਇੰਨੇ ਨੁਕਸਾਨ ਦੇ ਬਾਵਜੂਦ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਕਿਸਾਨਾਂ ਦੀ ਭਲਾਈ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਹੁਣ ‘ਅੰਨਦਾਤਾ’ ਨੂੰ ਕੁਦਰਤ ਦੇ ਕਹਿਰ ਥੱਲੇ ਛੱਡਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ ਜਿੰਨਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਹੈ, ਉਹ ਕਾਫੀ ਨਹੀਂ ਹੈ ਅਤੇ ਕਿਸਾਨਾਂ ਨੇ ਹੋਰ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ ਕੀਤੇ ਗਏ ਵਾਅਦੇ ਨਾਲੋਂ ਇਹ ਮੁਆਵਜ਼ਾ ਬਹੁਤ ਘੱਟ ਹੈ।
ਫਿਲੌਰ ਵਿਧਾਇਕ ਨੇ ਅੱਗੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਸਨ, ਪਰ ਅਜੇ ਤੱਕ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਫਿਲੌਰ ਹਲਕੇ ਦੇ ਜ਼ਿਆਦਾਤਰ ਪਿੰਡਾਂ ਵਿੱਚ ਕੋਈ ਅਧਿਕਾਰੀ ਨਹੀਂ ਪਹੁੰਚਿਆ ਹੈ।
ਵਿਧਾਇਕ ਚੌਧਰੀ ਨੇ ਕਿਹਾ, ਹਾਲੀਆ ਬਾਰਸ਼ਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਵਿੱਚ ‘ਆਪ’ ਸਰਕਾਰ ਦੀ ਅਸਫਲਤਾ ਇਹ ਸਾਬਤ ਕਰਦੀ ਹੈ ਕਿ ਇਹ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਮਰੱਥ ਹੈ। ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।”
ਵਿਧਾਇਕ ਚੌਧਰੀ ਨੇ ‘ਆਪ’ ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਅਧਿਕਾਰੀਆਂ ਨੂੰ ਹਰ ਪਿੰਡ ਵਿੱਚ ਭੇਜ ਕੇ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਕਰਵਾਏ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕਾਰਵਾਈ ਜਲਦ ਮੁਕੰਮਲ ਕਰੇ।