ਚੰਡੀਗੜ੍ਹ- ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨ ਜਿਵੇਂ ਐੱਨਐੱਸਏ, ਯੂਏਪੀਏ ਆਦਿ ਨੂੰ ਤੁਰੰਤ ਖਾਰਜ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਨ੍ਹਾਂ ਕਾਨੂੰਨਾਂ ਨੂੰ ਖਾਰਜ ਕਰਨ ਤੱਕ ਪੰਜਾਬ ਵਿਚ ‘ਆਪ’ ਸਰਕਾਰ ਵੱਲੋਂ ਇਨ੍ਹਾਂ ਦੀ ਦੁਰਵਰਤੋਂ ’ਤੇ ਤੁਰੰਤ ਰੋਕ ਲਗਾਈ ਜਾਵੇ। ਸ੍ਰੀ ਬਾਦਲ ਨੇ ਕਿਹਾ ਕਿ ਇਹ ਦੁਰਵਰਤੋਂ ਦੇਸ਼ ਭਗਤ ਸਿੱਖਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਦੀ ਨਫਰਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹਿਣ ’ਤੇ ਲੋਕਾਂ ਦਾ ਧਿਆਨ ਹਟਾਉਣ ਦਾ ਵੀ ਇੱਕ ਯਤਨ ਹੈ। ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧੀ ਪੱਤਰ ਲਿਖ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸ ਸਰਕਾਰ ਨੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ ਖਾਲਸਾ ਪੰਥ ਖਾਸ ਤੌਰ ’ਤੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਵਾਸਤੇ ਕੀਤੀ ਹੈ।