ਬੀਤੇ ਕਈ ਦਿਨਾਂ ਤੋਂ ਪੰਜਾਬ ਦੀ ਸਿਆਸਤ ‘ਚ ਖਬਰਾਂ ਸੀ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਹੋ ਸਕਦਾ ਹੈ ਜਿਸ ‘ਤੇ ਹੁਣ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਪੁੱਜੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਗਠਜੋੜ ਬਹੁਜਨ ਸਮਾਜ ਪਾਰਟੀ ਹੈ, ਫਿਰ ਭਾਜਪਾ ਨਾਲ ਗਠਜੋੜ ਬਾਰੇ ਸਵਾਲ ਕਿਉਂ ਪੁੱਛਿਆ ਜਾ ਰਿਹਾ ਹੈ।
ਦੂਜੇ ਪਾਸੇ ਅਕਾਲੀ ਦਲ ਦੀ ਮੀਟਿੰਗ ‘ਤੇ ਸੁਖਬੀਰ ਨੇ ਕਿਹਾ ਕਿ ਇਹ ਸਾਡੀ ਰੁਟੀਨ ਮੀਟਿੰਗ ਹੈ। ਇਸ ਵਿੱਚ ਪੰਜਾਬ ਵਿੱਚ ਸਾਡੀ ਪਾਰਟੀ ਦੀ ਭਵਿੱਖੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਦੂਜੇ ਪਾਸੇ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਕਿਹਾ ਕਿ ਇਹ ਸਾਰੀਆਂ ਕਿਆਸਅਰਾਈਆਂ ਮੀਡੀਆ ‘ਚ ਦੱਸੀਆਂ ਜਾ ਰਹੀਆਂ ਹਨ।
ਦੂਜੇ ਪਾਸੇ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਵਿਜੇ ਰੂਪਾਨੀ ਨੇ ਕਿਹਾ ਕਿ ਭਾਜਪਾ ਸੂਬੇ ਦੀਆਂ 13 ਲੋਕ ਸਭਾ ਸੀਟਾਂ ‘ਤੇ ਬਿਨਾਂ ਕਿਸੇ ਗਠਜੋੜ ਤੋਂ ਇਕੱਲੀ ਚੋਣ ਲੜੇਗੀ ਅਤੇ ਸਾਰੀਆਂ ਸੀਟਾਂ ‘ਤੇ ਜਿੱਤ ਦਰਜ ਕਰੇਗੀ।
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਨਾਲ ਆਪਣਾ 24 ਸਾਲ ਪੁਰਾਣਾ ਰਿਸ਼ਤਾ ਤੋੜ ਲਿਆ ਸੀ, ਜਿਸ ਤੋਂ ਬਾਅਦ ਮੋਦੀ ਸਰਕਾਰ ਵਿੱਚ ਮੰਤਰੀ ਰਹੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ ਮੰਤਰਾਲੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਵਿੱਚ ਦੋਵੇਂ ਪਾਰਟੀਆਂ ਬੁਰੀ ਤਰ੍ਹਾਂ ਹਾਰ ਗਈਆਂ ਸੀ। ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਗਰੂਰ ਅਤੇ ਜਲੰਧਰ ਲੋਕ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਵੀ ਹੋਈਆਂ ਪਰ ਕਿਸੇ ਵੀ ਪਾਰਟੀ ਨੂੰ ਸਫਲਤਾ ਨਹੀਂ ਮਿਲੀ।