ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਲਾਤ ‘ਤੇ ਪਲ-ਪਲ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਬਾਕਾਇਦਾ ਰਿਪੋਰਟ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਪਾਣੀ ਦੇ ਪੱਧਰ ਬਾਰੇ ਸੂਬੇ ਭਰ ਵਿੱਚ ਜ਼ਿਲ੍ਹਾ ਪ੍ਰਸ਼ਾਸਨਾਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਅਤੇ ਇਸ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਬੈਠੇ ਆਖ਼ਰੀ ਵਿਅਕਤੀ ਤੱਕ ਰਾਹਤ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਪੁੱਜਣੀ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।