ਲੁਧਿਆਣਾ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)- ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ ਸਨ। ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਇਹ ਖਬਰ ਸੁਣਦੇ ਹੀ ਸੰਗੀਤ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿੱਚ ਦਿੱਕਤ ਆ ਰਹੀ ਸੀ। ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਦੇਹਾਂਤ ਸੰਗੀਤ ਜਗਤ ਵਿੱਚ ਹੋਏ ਸਭ ਤੋਂ ਵੱਡੇ ਘਾਟੇ ਵਿੱਚੋਂ ਇੱਕ ਹੈ। ਜਿਸ ਨੂੰ ਕੋਈ ਪੂਰਾ ਨਹੀਂ ਕਰ ਸਕਦਾ। ਕਲਾਕਾਰ ਦੀ ਮੌਤ ਨਾਲ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।