ਅੰਮ੍ਰਿਤਸਰ : ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਪੇਸ਼ ਹੋ ਕੇ ਸੁਖਬੀਰ ਬਾਦਲ ਜਵਾਬ ਦੇਣ। ਇਸੇ ਮਾਮਲੇ ਵਿਚ ਅੱਜ ਅਚਾਨਕ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਹੁਣ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ। ਇਸ ਵਕਤ ਉਨ੍ਹਾਂ ਨਾਲ ਕੁੱਝ ਸਾਬਕਾ ਅਕਾਲੀ ਮੰਤਰੀ ਵੀ ਹਾਜ਼ਰ ਸਨ। ਇਹ ਵੀ ਪਤਾ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਉਤੇ ਪਹੁੰਚੇ ਹਨ। ਅੰਦਾਜਾ ਲਾਇਆ ਜਾ ਰਿਹਾ ਹੈ ਕਿ ਬੀਤੇ ਦਿਨ ਪੰਜ ਜੱਥੇਦਾਰਾਂ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਦੇ ਨਾਲ ਹੀ ਕਿਹਾ ਸੀ ਕਿ ਸੁਖਬੀਰ ਬਾਦਲ ਪੇਸ਼ ਹੋ ਕੇ ਮੁਆਫ਼ੀ ਮੰਗਣ। ਹੁਣ ਇਸੀ ਕਰ ਕੇ ਸੁਖਬੀਰ ਸਿੰਘ ਬਾਦਲ ਅੱਜ ਪੇਸ਼ ਹੋਏ ਹਨ। ਵੈਸੇ ਜੱਥੇਦਾਰਾਂ ਨੇ ਉਨ੍ਹਾਂ ਨੂੰ 15 ਦਿਨ ਦਾ ਸਮਾਂ ਦਿੱਤਾ ਸੀ।
ਉਨ੍ਹਾਂ ਤੋਂ ਪਹਿਲਾਂ ਸਾਬਕਾ ਅਕਾਲੀ ਮੰਤਰੀ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਉਹ ਆਪਣਾ ਸਪੱਸ਼ਟੀਕਰਨ ਅਤੇ ਮੁਆਫ਼ੀਨਾਮਾ ਲੈ ਕੇ ਪਹੁੰਚੇ ਹਨ। ਸਿੱਖ ਬੁੱਧੀਜੀਵੀਆਂ ਦਾ ਕਹਿਣਾ ਹੈ ਕਿ ਹੁਣ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਹੋਰ ਮੀਟਿੰਗ ਬੁਲਾਈ ਜਾਵੇਗੀ। ਜਿਸ ਵਿੱਚ ਪੰਜ ਤਖ਼ਤਾਂ ਦੇ ਜਥੇਦਾਰ ਇੱਕ ਵਾਰ ਫਿਰ ਹਾਜ਼ਰ ਹੋਣਗੇ। ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਅਤੇ ਬਾਕੀ ਸਾਰਿਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਲਿਖਤੀ ਸਪੱਸ਼ਟੀਕਰਨ ਸੌਂਪਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਹਾਜ਼ਰ ਨਹੀਂ ਸਨ, ਇਸ ਲਈ ਸਪੱਸ਼ਟੀਕਰਨ ਸਟਾਫ਼ ਨੂੰ ਸੌਂਪ ਦਿੱਤਾ ਗਿਆ ਹੈ।