ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਅਪੀਲ ਕੀਤੀ ਹੈ ਕਿ ਉਹ ਬਾਦਲ ਦਲ ਦੀ ਚਿੰਤਾ ਛੱਡ ਕੇ ਸਮੁੱਚੀ ਕੌਮ ਦੀ ਅਗਵਾਈ ਕਰਨ।
ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਖ਼ਤਮ ਹੋ ਰਹੀ ਹੋਂਦ ’ਤੇ ਪ੍ਰਗਟਾਈ ਚਿੰਤਾ ਦੇ ਪ੍ਰਤੀਕਰਮ ਵਜੋਂ ਇਹ ਪੱਤਰ ਭੇਜਿਆ ਹੈ। ਦੋ ਸਫਿਆਂ ਦੇ ਇਸ ਪੱਤਰ ਵਿਚ ਉਨ੍ਹਾਂ ਲਿਖਿਆ ਕਿ ਚੋਣਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਨੂੰ ਲੈ ਕੇ ਅਕਾਲ ਤਖਤ ਵੱਲੋਂ ਚਿੰਤਾ ਪ੍ਰਗਟਾਈ ਗਈ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਜਦੋਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿਚ ਸ਼ਾਮਲ ਹੋਏ ਸਨ ਤਾਂ ਉਸ ਵੇਲੇ ਵੀ ਚਿੰਤਾ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥ ਦੀ ਨੁਮਾਇੰਦਾ ਜਥੇਬੰਦੀ ਦੱਸਦਿਆਂ ਤਕੜਾ ਕਰਨ ਦਾ ਸੰਦੇਸ਼ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਵਾਰ ਚੋਣਾਂ ਵਿੱਚ ਲੋਕਾਂ ਨੇ ਅਕਾਲੀ ਦਲ ਨੂੰ ਵਿਸਾਰ ਦਿੱਤਾ ਹੈ, ਜਿਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਬਾਦਲਾਂ ਦਾ ਅਕਾਲੀ ਦਲ ਪੰਥ ’ਚੋਂ ਨਿਖੜ ਚੁੱਕਾ ਹੈ। ਉਨ੍ਹਾਂ ਜਥੇਦਾਰ ਨੂੰ ਕਿਹਾ ਕਿ ਉਨ੍ਹਾਂ ਦੇ ਸੰਦੇਸ਼ ’ਚੋਂ ਬਾਦਲਾਂ ਪ੍ਰਤੀ ਵਿਸ਼ੇਸ਼ ਸਨੇਹ ਝਲਕਦਾ ਹੈ। ਉਨ੍ਹਾਂ ਲਿਖਿਆ ਕਿ ਪਿਛਲੀਆਂ ਤੇ ਮੌਜੂਦਾ ਚੋਣਾਂ ਸਮੇਂ ਮਰਿਆਦਾ ਤੇ ਪ੍ਰੰਪਰਾਵਾਂ ਨੂੰ ਦਰ ਕਿਨਾਰ ਕਰ ਕੇ ਬਾਦਲ ਦਲ ਨੇ ਜਿਵੇਂ ਡੇਰਾ ਸਿਰਸਾ ਦੀ ਹਮਾਇਤ ਲਈ ਸੀ, ਉਸ ਦਾ ਸਿੱਖ ਸੰਗਤ ਨੇ ਢੁਕਵਾਂ ਜਵਾਬ ਦਿੱਤਾ ਹੈ।